ਤਲਵੰਡੀ ਸਾਬੋ, 22 ਜੁਲਾਈ (ਰਣਜੀਤ ਸਿੰਘ ਰਾਜੂ)- ਭਾਰਤ ਅਮਰੀਕਾ ਪ੍ਰਸਤਾਵਿਤ ਵਪਾਰਕ ਸਮਝੌਤੇ ਦੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼-ਪੱਧਰੀ ਰੋਸ ਪ੍ਰਦਰਸ਼ਨਾਂ ਦੇ ਤਹਿਤ ਤਲਵੰਡੀ ਸਾਬੋ-ਮੌੜ ਰੋਡ ਸਥਿਤ ਸ਼ੇਖਪੁਰਾ ਟੋਲ ਪਲਾਜ਼ਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦਿੰਦਿਆਂ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਉਸ ਨੂੰ ਪਰਚੀ ਮੁਕਤ ਕਰੀ ਰੱਖਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਟਰੇਡ ਡੀਲ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਦੇ ਹਿਤਾਂ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ ਅਤੇ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਹਿਤਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਅਜਿਹੇ ਸਮਝੌਤਿਆਂ ਨੂੰ ਅੱਗੇ ਵਧਾਉਂਦੀ ਹੈ ਤਾਂ ਸੰਯੁਕਤ ਕਿਸਾਨ ਮੋਰਚਾ ਇਸ ਦਾ ਡਟਕੇ ਵਿਰੋਧ ਕਰੇਗਾ।ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਨਾ ਅਤੇ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਨਾ ਕੇਂਦਰ ਸਰਕਾਰ ਨੂੰ ਲੋਕਾਂ ਦੀ ਭਾਵਨਾ ਤੋਂ ਜਾਣੂ ਕਰਵਾਉਣ ਦਾ ਇੱਕ ਲੋਕਤੰਤਰੀ ਤਰੀਕਾ ਹੈ। ਕਿਸਾਨ ਆਗੂਆਂ ਨੇ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਹੋਈ ਕਥਿਤ ਧੱਕੇਸ਼ਾਹੀ ਅਤੇ ਖੰਨਾ ਵਿਖੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਵੀ ਨਿੰਦਾ ਕੀਤੀ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੇ ਹਿਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਫ਼ੈਸਲੇ ਲਏ ਜਾਂਦੇ ਹਨ ਤਾਂ ਸੰਯੁਕਤ ਕਿਸਾਨ ਮੋਰਚਾ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗਾ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਿਕੈਤ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ, ਜ਼ਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਭਾਕਿਯੂ ਡਕੌਂਦਾ (ਬੁਰਜ ਗਿੱਲ) ਤੋਂ ਰਾਜਮਹਿੰਦਰ ਸਿੰਘ ਕੋਟਭਾਰਾ, ਖੇਤ ਮਜ਼ਦੂਰ ਸਭਾ ਦੇ ਕਾਮਰੇਡ ਮੱਖਣ ਸਿੰਘ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਚ ਕਿਸਾਨਾਂ ਨੇ ਹਾਜ਼ਰੀ ਲਗਵਾਈ ਅਤੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਨ ਦੀ ਮੰਗ ਕੀਤੀ।