ਮਾਨਸਾ, 23 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਰੋਸ ‘ਚ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ 4 ਰੋਜ਼ਾ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਹੜਤਾਲ ਕਰ ਕੇ ਡੀ.ਸੀ. ਦਫ਼ਤਰ, ਸਬ ਡਵੀਜ਼ਨਾਂ, ਤਹਿਸੀਲਾਂ ਤੇ ਸਬ ਤਹਿਸੀਲਾਂ ‘ਚ ਕੰਮਕਾਜ ਠੱਪ ਰਿਹਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਨਾਅਰੇਬਾਜ਼ੀ ਕਰਦਿਆਂ ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਵਲੋਂ ਵਿੱਤ ਮੰਤਰੀ ਪੰਜਾਬ, ਮਾਲ ਮੰਤਰੀ ਤੇ ਵਿੱਤ ਕਮਿਸ਼ਨਰ (ਮਾਲ) ਨਾਲ ਵੱਖ-ਵੱਖ ਸਮੇਂ ‘ਤੇ ਮੀਟਿੰਗਾਂ ਕੀਤੀਆਂ ਗਈਆਂ ਪ੍ਰੰਤੂ ਹਾਲੇ ਤੱਕ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ, ਜਿਸ ਕਰ ਕੇ ਮੁਲਾਜ਼ਮਾਂ ‘ਚ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ 26 ਜੁਲਾਈ ਤੱਕ ਕਲਮ ਛੋੜ ਹੜਤਾਲ ਜਾਰੀ ਰਹੇਗੀ। ਸੰਬੋਧਨ ਕਰਦਿਆਂ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਿੱਟੂ, ਆਗੂ ਸੁਖਵਿੰਦਰ ਸਿੰਘ ਤੇ ਰਮਨਦੀਪ ਕੌਰ ਘਰਾਂਗਣਾ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਗਸੀਰ ਸਿੰਘ, ਮਨਜੀਤ ਸਿੰਘ, ਮੋਹਨ ਲਾਲ, ਨਵਨੀਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ, ਹਰਵਿੰਦਰ ਸਿੰਘ, ਹਰਬੰਸ ਕੌਰ, ਗੁਰਮੇਲ ਕੌਰ, ਰੀਤਿਕਾ ਰਾਣੀ, ਅਮਨਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ। ਹੜਤਾਲ ਕਾਰਨ ਦਫ਼ਤਰਾਂ ‘ਚ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਰੋਸ ਪ੍ਰਦਰਸ਼ਨ
ਅਜੀਤ ਡੈਸਕ
24-07-2026