ਮਹਿਰਾਜ, 24 ਜੁਲਾਈ (ਸੁਖਪਾਲ ਮਹਿਰਾਜ)-ਪਿਛਲੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉਪਰ ਕੀਤੀ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਿਆਂ ਨਗਰ ਪੰਚਾਇਤ ਮਹਿਰਾਜ ਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਵਲੋਂ ਵੱਡੇ ਬੱਸ ਸਟੈਂਡ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਰੈਲੀ ਕੱਢਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਹੱਕੀ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਯੂਨੀਅਨ ਆਗੂ ਸੰਜੀਵ ਕੁਮਾਰ, ਰਾਜੂ, ਬੀਰੂ, ਸੂਰਜ, ਰਾਜ ਕੁਮਾਰ, ਰਵਿੰਦਰ ਕੌਰ, ਅਮਨਦੀਪ ਕੌਰ, ਨੀਸੂ, ਸੁਖਵਿੰਦਰ ਕੌਰ, ਸੀਮਾ, ਸ਼ੀਤਲ, ਸੀਮਾ ਖਾਨ, ਰਾਹੁਲ, ਅਸ਼ੋਕ, ਸੁਨੀਲ, ਭਗਤ ਰਾਮ, ਸੱਜੂ, ਹੇਮਰਾਜ, ਅਤਰ ਨੇ ਐਲਾਨ ਕੀਤਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਹੜ੍ਹਤਾਲ ਜਾਰੀ ਰਹੇਗੀ ਅਤੇ ਸਰਕਾਰ ਦੀ ਹੜਤਾਲ ਨੂੰ ਢਾਹ ਲਾਉਣ ਦੀ ਕਾਰਵਾਈ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ, ਜਿਨ੍ਹਾਂ ਵਿਚ ਰੈਗੂਲਰ ਕਰਨਾ ਸ਼ਾਮਲ ਹੈ, ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਪਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਹ ਸਫਾਈ ਦਾ ਕੰਮ ਦੁਬਾਰਾ ਸ਼ੁਰੂ ਨਹੀਂ ਕਰਨਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।