ਬੁਢਲਾਡਾ, 24 ਜੁਲਾਈ (ਸਵਰਨ ਸਿੰਘ ਰਾਹੀ)- ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਆਪਣੇ ਅਹੁਦੇ ਸੰਭਾਲ ਲਏ ਹਨ। ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਨਵੀਂ ਟੀਮ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰੇਗੀ, ਜਿਸ ਨਾਲ ਬੁਢਲਾਡਾ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਨੂੰ ਹੋਰ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਉਹ ਸਰਕਾਰ ਪਾਸੋਂ ਇਸ ਸ਼ਹਿਰ ਦੇ ਚੌਤਰਫਾ ਵਿਕਾਸ ਲਈ ਗਰਾਂਟ ਲਿਆਉਣ ਦੇ ਹਰ ਸੰਭਵ ਉਪਰਾਲੇ ਕਰਨਗੇ। ਉਨ੍ਹਾਂ ਪ੍ਰਧਾਨ ਸਤਨਾਮ ਸਿੰਘ ਖਨਾਲੀਆ, ਸੀਨੀਅਰ ਮੀਤ ਪ੍ਰਧਾਨ ਟਿੰਕੂ ਮਦਾਨ ਅਤੇ ਮੀਤ ਪ੍ਰਧਾਨ ਮਨਜੀਤ ਕੌਰ ਨੂੰ ਉਨ੍ਹਾਂ ਦੀਆਂ ਕੁਰਸੀਆਂ ‘ਤੇ ਬਿਠਾਇਆ। ਨਵੇਂ ਚੁਣੇ ਪ੍ਰਧਾਨ ਖਨਾਲੀਆ ਤੇ ਹੋਰਨਾਂ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਨ, ਵਿਧਾਇਕ ਬੁੱਧ ਰਾਮ ਅਤੇ ਸਾਰੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਸ਼ਹਿਰ ਦੀ ਤਰੱਕੀ ਲਈ ਕੰਮ ਕਰਨਗੇ। ਇਸ ਮੌਕੇ ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਬੋਹਾ ਦੇ ਪ੍ਰਧਾਨ ਰਣਜੀਤ ਸਿੰਘ ਫਰੀਦਕੇ, ਸਹਿਕਾਰਤਾ ਵਿਭਾਗ ਮਾਨਸਾ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਸਾਬਕਾ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਰਿਉਂਦ, ਟਰੱਕ ਯੂਨੀਅਨ ਬੁਢਲਾਡਾ ਦੇ ਪ੍ਰਧਾਨ ਗੁਰਮੀਤ ਸਿੰਘ ਭਾਦੜਾ, ਐਡਵੋਕੇਟ ਸੁਸ਼ੀਲ ਕੁਮਾਰ ਬਾਂਸਲ, ਕੁਲਦੀਪ ਸ਼ਿਮਾਰ, ਜੱਸੀ ਸੈਣੀ, ਸਰਪੰਚ ਰਾਜਵਿੰਦਰ ਸਿੰਘ ਕਲੀਪੁਰ ਆਦਿ ਹਾਜ਼ਰ ਸਨ।