ਸੁਲਤਾਨਪੁਰ ਲੋਧੀ ਸਮਾਰਟ ਸਿਟੀ ਦੇ ਚੱਲ ਰਹੇ ਵਿਕਾਸ ਕਾਰਜਾਂ 'ਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਅਮਿਤ ਕੁਮਾਰ ਪੰਚਾਲ
ਅਜੀਤ ਡੈਸਕ
01-01-2026
ਕਪੂਰਥਲਾ, 31 ਦਸੰਬਰ (ਅਮਰਜੀਤ ਕੋਮਲ)-ਸੁਲਤਾਨਪੁਰ ਲੋਧੀ ਸਮਾਰਟ ਸਿਟੀ ਦੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਸਬੰਧਿਤ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰਟ ਸਿਟੀ ਦੇ ਕੰਮਾਂ ਨੂੰ ਜੰਗੀ ਪੱਧਰ 'ਤੇ ਮੁਕੰਮਲ ਕੀਤਾ ਜਾਵੇ | ਡਿਪਟੀ ਕਮਿਸ਼ਨਰ ਪੰਜਾਬ ਲੋਕ ਨਿਰਮਾਣ ਵਿਭਾਗ, ਪੇਡਾ, ਨਗਰ ਕੌਂਸਲ, ਸਿੰਚਾਈ ਵਿਭਾਗ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿਚ ਚੱਲ ਰਹੇ ਕਾਰਜਾਂ ਬਾਰੇ ਹਫ਼ਤਾਵਾਰੀ ਰਿਪੋਰਟ ਪੇਸ਼ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਮੀਟਿੰਗ ਵਿਚ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ 4 ਐਮ.ਐਲ.ਡੀ. ਸਮਰੱਥਾ ਵਾਲਾ ਟਰੀਟਮੈਂਟ ਪਲਾਂਟ ਤੇ 1 ਐਮ.ਐਲ.ਡੀ. ਦੀ ਸਮਰੱਥਾ ਵਾਲੇ ਟਰੀਟਮੈਂਟ ਪਲਾਂਟ ਦੀ ਸਥਿਤੀ ਬਾਰੇ ਵੀ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ | ਅਮਿਤ ਕੁਮਾਰ ਪੰਚਾਲ ਨੇ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਨੂੰ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਤੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਸ਼ਹਿਰ ਵਿਚ ਚੱਲ ਰਹੇ ਕੰਮਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਰੱਖਣ |