ਕਪੂਰਥਲਾ, 2 ਜਨਵਰੀ (ਸਡਾਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਡੋਗਰਾਂਵਾਲਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਤਹਿਤ ਤਿੰਨ ਜਨਵਰੀ ਨੂੰ ਸਵੇਰੇ 11 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ ਤੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 5 ਜਨਵਰੀ ਨੂੰ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਆਰੰਭ ਹੋਣਗੇ ਜਿਸ ਦੌਰਾਨ ਪੰਥ ਪ੍ਰਸਿੱਧ ਜਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ ਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਆਪਣੇ ਇਲਾਕੇ ਦੀਆਂ ਸੰਗਤਾਂ ਦੇ ਨਾਲ ਨਗਰ ਕੀਰਤਨ ਤੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਸ਼ਾਮਲ ਹੋਣ | ਸਮਾਗਮ ਪ੍ਰਬੰਧਕਾਂ ਨੇ ਦੱਸਿਆ ਕਿ 5 ਜਨਵਰੀ ਨੂੰ ਦੁਪਹਿਰ 12 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਵੀ ਹੋਵੇਗਾ ਤੇ ਇਸ ਮੌਕੇ ਅੰਮਿ੍ਤ ਅਭਿਲਾਸ਼ੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ | ਇਸ ਮੌਕੇ ਰਸ਼ਪਾਲ ਸਿੰਘ ਸਿਟੀ ਕੇਬਲ, ਇੰਚਾਰਜ ਮੋਹਕਮ ਸਿੰਘ, ਪ੍ਰਚਾਰਕ ਹਰਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਬੀਬੀ ਦਵਿੰਦਰ ਕੌਰ ਸਾਹਨੀ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |