ਸੁਭਾਨਪੁਰ, 3 ਜਨਵਰੀ (ਸਤਨਾਮ ਸਿੰਘ)- ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ਲਾਘਾ ਕਰਦੇ ਹੋਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਇਹ ਯੋਜਨਾ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਤੇ ਲੋਕ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਇਕ ਮਜ਼ਬੂਤ ਉਦਾਹਰਨ ਹੈ | ਉਨ੍ਹਾਂ ਕਿਹਾ ਕਿ 8 ਜਨਵਰੀ 2026 ਤੋਂ ਸੂਬੇ ਭਰ ਵਿਚ ਸ਼ੁਰੂ ਹੋਣ ਜਾ ਰਹੀ ਰਜਿਸਟ੍ਰੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਪਹੁੰਚ ਯੋਗ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ | ਲੁਬਾਣਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਪੰਜਾਬ ਤੇ ਚੰਡੀਗੜ੍ਹ ਦੇ ਸਰਕਾਰੀ ਤੇ ਪੈਨਲ ਪ੍ਰਾਈਵੇਟ ਹਸਪਤਾਲਾਂ ਵਿਚ ਹਰ ਸਾਲ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ | ਇਹ ਯੋਜਨਾ ਖ਼ਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਤੇ ਮੱਧ ਵਰਗ ਦੇ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ, ਜੋ ਮਹਿੰਗੇ ਇਲਾਜ ਕਾਰਨ ਸਿਹਤ ਸਹੂਲਤਾਂ ਤੋਂ ਵਾਂਝੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਵੱਧ ਤੋਂ ਵੱਧ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ | ਚੇਅਰਮੈਨ ਲੁਬਾਣਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕਾਰਡ ਪ੍ਰਾਪਤ ਕਰਨ ਲਈ ਇਕ ਵਿਅਕਤੀ ਦਾ ਪੰਜਾਬ ਦਾ ਨਿਵਾਸੀ ਹੋਣਾ ਲਾਜ਼ਮੀ ਹੈ | ਯੋਗ ਨਾਗਰਿਕ ਆਪਣੇ ਪਿੰਡ ਜਾਂ ਕਸਬੇ ਦੇ ਨੇੜੇ ਕਿਸੇ ਵੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) 'ਤੇ ਜਾ ਕੇ ਕਾਰਡ ਪ੍ਰਾਪਤ ਕਰ ਸਕਦੇ ਹਨ | ਰਜਿਸਟ੍ਰੇਸ਼ਨ ਲਈ ਰਿਹਾਇਸ਼ੀ ਸਬੂਤ ਜਿਵੇਂ ਕਿ ਆਧਾਰ ਕਾਰਡ ਤੇ ਵੋਟਰ ਆਈ.ਡੀ. ਕਾਰਡ, ਦੀ ਲੋੜ ਹੋਵੇਗੀ |