ਕਪੂਰਥਲਾ, 3 ਜਨਵਰੀ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬਣਾਏ ਜਾ ਰਹੇ ਖੇਡ ਮੈਦਾਨਾਂ ਦੀ ਉਸਾਰੀ ਮੁਕੰਮਲ ਹੋਣ ਨਾਲ ਪਿੰਡਾਂ 'ਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਵੱਡੀ ਮਦਦ ਮਿਲੇਗੀ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਜ਼ਿਲ੍ਹਾ ਕਪੂਰਥਲਾ ਦੇ 107 ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ ਦੀ ਉਸਾਰੀ ਦੇ ਕਾਰਜ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਡ ਮੈਦਾਨਾਂ ਦੀ ਉਸਾਰੀ ਦੌਰਾਨ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਤੇ ਸਾਰੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਖੇਡ ਮੈਦਾਨਾਂ ਦੀ ਉਸਾਰੀ ਦੇ ਕੰਮ ਦਾ ਖ਼ੁਦ ਮੌਕੇ 'ਤੇ ਜਾ ਕੇ ਲਗਾਤਾਰ ਨਿਰੀਖਣ ਕਰਨ ਲਈ ਕਿਹਾ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਡੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਬੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ |