ਭੁਲੱਥ, 5 ਜਨਵਰੀ (ਮੇਹਰ ਚੰਦ ਸਿੱਧੂ)- ਅੱਜ ਇੱਥੇ ਪੇਂਡੂ ਮਜ਼ਦੂਰ ਯੂਨੀਅਨ ਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਮੀਟਿੰਗ ਹੋਈ, ਮੀਟਿੰਗ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ 7 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਭੁਲੱਥ ਤੋਂ ਵੱਡੇ ਗਿਣਤੀ 'ਚ ਪੇਂਡੂ ਮਜ਼ਦੂਰ ਕਾਫ਼ਲੇ ਦੇ ਰੂਪ ਵਿਚ ਡੀ.ਸੀ. ਦਫ਼ਤਰ ਮੂਹਰੇ ਧਰਨੇ ਵਿਚ ਸ਼ਮੂਲੀਅਤ ਕਰਨਗੇ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਤੇ ਚਿਰਾਂ ਤੋਂ ਲਟਕਦੀਆਂ ਮੰਗਾਂ ਮਨਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ | ਗੁਰਪ੍ਰੀਤ ਸਿੰਘ ਚੀਦਾ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੋਦ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਵੱਲੋਂ ਸੂਬੇ ਤੋਂ ਬਾਹਰੋਂ ਦਿੱਲੀ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਮੁਕੇਸ਼ ਮਲੋਦ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਅਮਰੀਕ ਸਿੰਘ ਬੂਲੇਵਾਲ, ਗੁਰਪ੍ਰੀਤ ਸਿੰਘ, ਬਚਨ ਜੈਦ, ਗੁਰਮੇਲ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ, ਸਰਵਨ ਸਿੰਘ ਤੇ ਹੋਰ ਵਰਕਰ ਹਾਜ਼ਰ ਸਨ |