ਕਪੂਰਥਲਾ, 5 ਜਨਵਰੀ (ਵਿ.ਪ੍ਰ.)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਐਨ.ਐਸ.ਐਸ. ਯੂਨਿਟ ਵਲੋਂ 7 ਰੋਜ਼ਾ ਵਿਸ਼ੇਸ਼ ਕੈਂਪ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਮੌਕੇ ਬੋਲਦਿਆਂ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਐਨ.ਐਸ.ਐਸ. ਵਿਦਿਆਰਥਣਾਂ ਵਿਚ ਅਨੁਸ਼ਾਸਨ, ਸੇਵਾ ਭਾਵਨਾ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਪੈਦਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਕੈਂਪ ਦੀ ਹਰ ਸਰਗਰਮੀ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਕਾਲਜ ਦੀ ਐਨ.ਐਸ.ਐਸ. ਦੀ ਇੰਚਾਰਜ ਪ੍ਰੋ. ਕੁਲਦੀਪ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥਣਾਂ ਨੂੰ ਸਮਾਜਿਕ ਮੁੱਦਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਜਾਗਰੂਕ ਨਾਗਰਿਕ ਬਣਾਉਣ ਦਾ ਯਤਨ ਕੀਤਾ ਜਾਵੇਗਾ | ਇਸ ਮੌਕੇ ਹਰਸ਼ਮੀਤ ਕੌਰ ਨੇ ਵਿਦਿਆਰਥਣਾਂ ਨੂੰ ਸੇਵਾ ਤੇ ਸਵੱਛਤਾ ਨੂੰ ਆਪਣੀ ਜ਼ਿੰਦਗੀ ਦਾ ਅਤੁੱਟ ਅੰਗ ਬਣਾਉਣ ਲਈ ਕਿਹਾ | ਕੈਂਪ ਦੇ ਪਹਿਲੇ ਦਿਨ ਵਿਦਿਆਰਥਣਾਂ ਵਲੋਂ ਸਫ਼ਾਈ, ਸਮਾਜਿਕ ਚੇਤਨਾ ਆਧਾਰਿਤ ਰੰਗੋਲੀ ਤਿਆਰ ਕੀਤੀ ਗਈ ਜਿਸ ਵਿਚ ਕੈਂਪ ਦੇ ਉਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ |