ਕਪੂਰਥਲਾ, 5 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਸੁਖਵਿੰਦਰ ਸਿੰਘ ਚੀਮਾ, ਜੋਗਿੰਦਰਪਾਲ, ਵਿਨੋਦ ਕਪੂਰ ਤੇ ਐਡਵੋਕੇਟ ਦਲਜੀਤ ਸਿੰਘ ਸਹੋਤਾ ਨੇ ਸੁਝਾਅ ਦਿੱਤੇ ਕਿ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪੈਨਸ਼ਨਰਾਂ ਤੇ ਮੁਲਾਜ਼ਮ ਮੰਗਾਂ ਨੂੰ ਬਿਨ੍ਹਾਂ ਦੇਰੀ ਪ੍ਰਵਾਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਪ੍ਰਤੀ ਰਵੱਈਏ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਚ ਰੋਸ ਪਾਇਆ ਜਾ ਰਿਹਾ ਹੈ | ਮੀਟਿੰਗ 'ਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਨੂੰ 16 ਪ੍ਰਤੀਸ਼ਤ ਡੀ.ਏ. ਦਾ ਬਕਾਇਆ 1 ਜਨਵਰੀ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ 2.59 ਦੇ ਗੁਣਾਂਕ ਨਾਲ ਸੋਧੀ ਹੋਈ ਪੈਨਸ਼ਨ ਦੇਣ, ਬੱਝਵਾਂ ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਪੈਨਸ਼ਨ ਸੋਧ ਦਾ ਬਕਾਇਆ ਯਕਮੁਸ਼ਤ ਅਦਾ ਕਰਨ ਦੀ ਮੰਗ ਕੀਤੀ ਗਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਸਰਕਾਰ ਦੀ ਨਿੰਦਾ ਕੀਤੀ | ਮੀਟਿੰਗ ਵਿਚ ਜਗਜੀਤ ਸਿੰਘ, ਗੁਰਚਰਨ ਸਿੰਘ ਘੁੰਮਣ, ਤਰਲੋਚਨ ਸਿੰਘ, ਦਲੀਪ ਸਿੰਘ, ਤਰਸੇਮ ਕੁਮਾਰ, ਗੁਰਦਿਆਲ ਸਿੰਘ, ਅਜੀਤ ਸਿੰਘ, ਜਸਵੰਤ ਵਿਰਲੀ, ਜੈਕਰਨ ਸਿੰਘ, ਹਰੀਸ਼ ਚੋਪੜਾ, ਕੁਲਦੀਪ ਕੌਰ, ਸੰਤੋਸ਼ ਭੱਲਾ, ਸੁਕੇਸ਼ ਕੁਮਾਰ ਜੋਸ਼ੀ, ਆਰ.ਸੀ. ਸ਼ਰਮਾ, ਗੁਰਦੇਵ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |