ਡਡਵਿੰਡੀ, 6 ਜਨਵਰੀ (ਦਿਲਬਾਗ ਸਿੰਘ ਝੰਡ)-ਏਕ ਓਾਕਾਰ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਤੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ 14 ਜਨਵਰੀ ਦਿਨ ਬੁੱਧਵਾਰ ਨੂੰ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰਮਲ ਕੁਟੀਆ ਸੀਚੇਵਾਲ ਦੇ ਪ੍ਰਮੁੱਖ ਸੇਵਾਦਾਰ ਬਾਬਾ ਸੁਰਜੀਤ ਸਿੰਘ ਸ਼ੰਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਜਨਵਰੀ ਨੂੰ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਜਾ ਰਹੇ ਇਸ ਨਗਰ ਕੀਰਤਨ ਦੌਰਾਨ ਪ੍ਰਸਿੱਧ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਸਾਰਾ ਸਮਾਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਸਰਵਣ ਕਰਾਉਣਗੇ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋ ਕੇ ਨਾਨਕ ਹੱਟ, ਚੱਕ ਚੇਲਾ, ਨਿਹਾਲੂਵਾਲ, ਮੁਰੀਦਵਾਲ, ਕਾਸੂਪੁਰ, ਰੂਪੇਵਾਲ, ਅੱਡਾ ਰੂਪੇਵਾਲ, ਮਹਿਮੂਵਾਲ ਅਤੇ ਮਾਲੂਪੁਰ ਆਦਿ ਪਿੰਡਾਂ ਤੋਂ ਹੁੰਦਾ ਹੋਇਆ ਮੁੜ ਨਿਰਮਲ ਕੁਟੀਆ ਸੀਚੇਵਾਲ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਉਨ੍ਹਾਂ ਅਪੀਲ ਕੀਤੀ ਕਿ ਨਗਰ ਕੀਰਤਨ ਦੌਰਾਨ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਸੰਗਤਾਂ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ |