ਕਪੂਰਥਲਾ, 6 ਜਨਵਰੀ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ 25-11 ਵਲੋਂ ਅੱਜ ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਮੂਹਰੇ ਗੇਟ ਰੈਲੀ ਕੀਤੀ ਗਈ | ਰੋਹ ਵਿਚ ਆਏ ਮੁਲਾਜ਼ਮਾਂ ਨੇ ਰੋਸ ਵਜੋਂ ਕਾਲੇ ਬਿੱਲੇ ਲਗਾਏ ਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਪਨੂੰ ਨੇ ਕਿਹਾ ਕਿ ਪੀ.ਆਰ.ਟੀ.ਸੀ. ਤੇ ਪਨਬਸ ਵਿਚ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ, ਜਦਕਿ ਸਰਕਾਰ ਵਲੋਂ ਟਾਲ ਮਟੋਲ ਦੀ ਨੀਤੀ ਅਖ਼ਤਿਆਰ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਦੇਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਦੇ ਇਕ ਮਹੀਨੇ ਬਾਅਦ ਹੀ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ ਤੇ ਹੁਣ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਕੋਈ ਨੀਤੀ ਨਹੀਂ ਬਣਾਈ ਗਈ | ਉਲਟਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਗਏ ਸੰਘਰਸ਼ ਨੂੰ ਦਬਾਉਣ ਲਈ ਉਨ੍ਹਾਂ 'ਤੇ ਇਰਾਦਾ ਕਤਲ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ 10 ਮੁਲਾਜ਼ਮ ਸਾਥੀਆਂ ਨੂੰ ਸੰਗਰੂਰ ਦੀ ਜੇਲ੍ਹ ਵਿਚ ਡੱਕਿਆ ਹੋਇਆ ਹੈ, ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਰਾਜ ਦੌਰਾਨ ਇਕ ਵੀ ਸਰਕਾਰੀ ਬੱਸ ਨਹੀਂ ਪਾਈ ਤੇ ਨਿੱਜੀ ਬੱਸ ਆਪ੍ਰੇਟਰਾਂ ਨੂੰ ਲਾਭ ਪਹੁੰਚਾਉਣ ਲਈ ਬੱਸਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਜਨਰਲ ਸਕੱਤਰ ਹਰਪਾਲ ਸਿੰਘ ਭੁੱਲਰ ਨੇ ਕਿਹਾ ਕਿ ਕਿੱਲੋਮੀਟਰ ਸਕੀਮ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਜਥੇਬੰਦੀ ਦੇ ਆਗੂਆਂ ਨੂੰ ਘਰਾਂ ਵਿਚੋਂ ਚੁੱਕ ਕੇ ਹਿਰਾਸਤ ਵਿਚ ਲੈ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਨਾਲ ਮੁਲਾਜ਼ਮਾਂ ਦੀਆਂ ਲਗਭਗ 60 ਦੇ ਕਰੀਬ ਮੀਟਿੰਗਾਂ ਹੋ ਚੁੱਕੀਆਂ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਵੀ ਲਗਾਤਾਰ 2-3 ਮੀਟਿੰਗਾਂ ਹੋਣ ਦੇ ਬਾਵਜੂਦ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ | ਉਨ੍ਹਾਂ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਜੁਝਾਰੂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਟਰਾਂਸਪੋਰਟ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਸਹਿਯੋਗ ਦੇਣ | ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਗੁਰਵਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਪਨਬਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਜੇਲ੍ਹ ਵਿਚ ਬੰਦ ਸਾਥੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ 9 ਜਨਵਰੀ ਨੂੰ ਯੂਨੀਅਨ ਵਲੋਂ ਸੰਗਰੂਰ ਬੱਸ ਸਟੈਂਡ 'ਤੇ ਸ਼ਾਂਤਮਈ ਢੰਗ ਨਾਲ ਵਿਸ਼ਾਲ ਕਨਵੈੱਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਗੇਟ ਰੈਲੀ ਵਿਚ ਵੱਡੀ ਗਿਣਤੀ ਵਿਚ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਭਾਗ ਲਿਆ |