ਭੁਲੱਥ, 25 ਜਨਵਰੀ (ਮਨਜੀਤ ਸਿੰਘ ਰਤਨ)- ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਹਲਕੇ ਅੰਦਰ ਅਮਨ ਸ਼ਾਂਤੀ ਬਣਾਈ ਰੱਖਣ ਲਈ ਸਬ ਡਵੀਜ਼ਨ ਭੁਲੱਥ ਪੁਲਿਸ ਪ੍ਰਸ਼ਾਸਨ ਵੱਲੋਂ ਡੀ.ਐਸ.ਪੀ. ਕਰਨੈਲ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਡੀ.ਐਸ.ਪੀ. ਦਫ਼ਤਰ ਭੁਲੱਥ ਸ਼ੁਰੂ ਹੋ ਕੇ ਵੱਖ-ਵੱਖ ਸੜਕਾਂ ਤੇ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਹ ਫਲੈਗ ਮਾਰਚ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਕੱਢਿਆ ਜਾ ਰਿਹਾ ਹੈ ਅਤੇ ਇਸ ਦਾ ਮਕਸਦ ਪਬਲਿਕ ਤੱਕ ਸੁਨੇਹਾ ਪਹੁੰਚਾਉਣਾ ਹੈ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਨੂੰ ਕਿਸੇ ਵੀ ਤਰੀਕੇ ਨਾਲ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਅਫ਼ਵਾਹਾਂ 'ਤੇ ਯਕੀਨ ਨਹੀਂ ਕਰਨਾ ਚਾਹੀਦਾ, ਅਗਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਜਾਂ ਲਾਵਾਰਸ ਵਸਤੂ ਦਿਖਾਈ ਦਿੰਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਥਾਣਾ ਭੁਲੱਥ ਰਣਜੀਤ ਸਿੰਘ, ਥਾਣਾ ਮੁਖੀ ਬੇਗੋਵਾਲ ਹਰਜਿੰਦਰ ਸਿੰਘ, ਥਾਣਾ ਮੁਖੀ ਢਿਲਵਾਂ ਦਲਵਿੰਦਰਜੀਤ ਸਿੰਘ, ਰੀਡਰ ਬਲਦੇਵ ਸਿੰਘ ਤੇ ਹੋਰ ਮੁਲਾਜ਼ਮ ਹਾਜ਼ਰ ਸਨ |