ਕਪੂਰਥਲਾ, 27 ਜਨਵਰੀ (ਅਮਰਜੀਤ ਕੋਮਲ)-77ਵਾਂ ਗਣਤੰਤਰ ਦਿਵਸ ਅੱਜ ਜ਼ਿਲ੍ਹੇ ਭਰ ਵਿਚ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਇਆ ਗਿਆ | ਜਿਸ ਵਿਚ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੌਮੀ ਝੰਡਾ ਲਹਿਰਾਇਆ | ਇਸ ਤੋਂ ਪਹਿਲਾਂ ਉਨ੍ਹਾਂ ਪਰੇਡ ਤੋਂ ਸਲਾਮੀ ਲਈ ਤੇ ਬਾਅਦ ਵਿਚ ਡੀ.ਐਸ.ਪੀ. ਸਬ ਡਵੀਜ਼ਨ ਮੇਜਰ ਡਾ. ਸ਼ੀਤਲ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ., ਸੈਨਿਕ ਸਕੂਲ, ਐਮ.ਜੀ.ਐਨ. ਸਕੂਲ, ਪੰਜਾਬ ਪੁਲਿਸ ਦੇ ਬੈਂਡ ਦੀਆਂ ਟੁਕੜੀਆਂ ਵਲੋਂ ਕੱਢੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ | ਸਮਾਗਮ ਨੂੰ ਸੰਬੋਧਨ ਕਰਦਿਆਂ ਅਮਿਤ ਕੁਮਾਰ ਪੰਚਾਲ ਨੇ ਨਰੋਏ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਸਮਰਪਿਤ ਦੀ ਭਾਵਨਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਤੇ ਕਿਹਾ ਕਿ ਇਸ ਕੌਮੀ ਤਿਉਹਾਰ ਮੌਕੇ ਸ਼ਹੀਦਾਂ ਨੂੰ ਇਹ ਹੀ ਸੱਚੀ ਸ਼ਰਧਾਂਜਲੀ ਹੋਵੇਗੀ | ਉਨ੍ਹਾਂ ਕਿਹਾ ਕਿ ਦੇਸ਼ ਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਿਲ ਹੈ ਤੇ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਸੰਜੋਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਣ ਤੋਂ ਇਲਾਵਾ ਸੰਵਿਧਾਨਕ ਕਦਰਾਂ ਕੀਮਤਾਂ ਅਤੇ ਫ਼ਰਜ਼ਾਂ ਦੇ ਪਹਿਚਾਣ ਲਈ ਪ੍ਰੇਰਿਤ ਕਰਦਾ ਹੈ | ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਪੀ.ਐਮ. ਸ੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ, ਸਕੂਲ ਆਫ਼ ਐਮੀਨੈਂਸ, ਐਮ.ਡੀ.ਐਸ.ਡੀ. ਸਕੂਲ, ਹਿੰਦੂ ਪੁੱਤਰੀ ਪਾਠਸ਼ਾਲਾ, ਲਿਟਲ ਏਾਜਲਸ ਸਕੂਲ, ਕੈਂਬਰਿਜ ਸਕੂਲ, ਲਾਇਲਪੁਰ ਖ਼ਾਲਸਾ ਕਾਲਜ, ਬਾਵਾ ਲਾਲਵਾਨੀ ਸਕੂਲ, ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਤੇ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਤੋਂ ਇਲਾਵਾ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀ ਤਰੱਕੀ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ ਤੇ ਇਨ੍ਹਾਂ ਵਿਚੋਂ ਬਾਗ਼ਬਾਨੀ ਵਿਭਾਗ ਕਪੂਰਥਲਾ ਦੀ ਝਾਕੀ ਨੇ ਪਹਿਲਾ ਸਥਾਨ, ਖੇਤੀਬਾੜੀ ਵਿਭਾਗ ਦੀ ਝਾਕੀ ਨੇ ਦੂਜਾ ਤੇ ਪਾਵਰਕਾਮ ਦੀ ਝਾਕੀ ਨੇ ਤੀਜਾ ਸਥਾਨ ਹਾਸਲ ਕੀਤਾ | ਡਿਪਟੀ ਕਮਿਸ਼ਨਰ ਨੇ ਵੀਰ ਨਾਰੀਆਂ, ਸ਼ਹੀਦਾਂ ਦੇ ਆਸ਼ਰਿਤ ਪਰਿਵਾਰਾਂ, ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਜ਼ਿਲ੍ਹੇ ਦੇ ਅਧਿਕਾਰੀਆਂ, ਕਰਮਚਾਰੀਆਂ, ਸਕੂਲਾਂ ਦੇ ਅਧਿਆਪਕਾਂ ਆਦਿ ਨੂੰ ਪ੍ਰਸ਼ੰਸਾ ਪੱਤਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਸਮਾਗਮ ਵਿਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਪ੍ਰਸ਼ੰਸਾ ਪੱਤਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ ਗਿਆ |