ਕਪੂਰਥਲਾ, 3 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਚੱਕ ਦੋਨਾ ਦੇ ਸਰਪੰਚ ਪ੍ਰੇਮਪਾਲ, ਪੰਚ ਸੁਖਜੀਤ ਲਾਲ, ਬਲਬੀਰ ਸਿੰਘ ਪੱਖੋਵਾਲ, ਬਲਵਿੰਦਰ ਸਿੰਘ ਪੱਖੋਵਾਲ, ਸੁੱਚਾ ਸਿੰਘ ਬਲੇਰ, ਜਸਕਰਨ ਸਿੰਘ ਬਲੇਰ ਨੇ ਭਾਜਪਾ ਦੇ ਐਸ.ਸੀ. ਮੋਰਚੇ ਦੇ ਸੂਬਾਈ ਬੁਲਾਰੇ ਮਹਿੰਦਰ ਸਿੰਘ ਬਲੇਰ ਦੀ ਪ੍ਰੇਰਨਾ ਨਾਲ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਵਿਚ ਸ਼ਾਮਲ ਹੋਏ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਭਾਜਪਾ ਵਿਚ ਸ਼ਾਮਲ ਹੋਣ ਵਾਲੇ ਚੱਕ ਦੋਨਾ ਦੇ ਸਰਪੰਚ ਤੇ ਹੋਰ ਆਗੂਆਂ ਨੇ ਕਿਹਾ ਕਿ ਉਹ ਕੇਂਦਰ ਵਿਚਲੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ ਤੇ ਭਾਜਪਾ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਬਹੁਤ ਸਾਰੇ ਕਾਰਜ ਕੀਤੇ ਹਨ, ਪਰ ਵਿਰੋਧੀ ਪਾਰਟੀਆਂ ਭਾਜਪਾ ਬਾਰੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੀਆਂ ਹਨ, ਜਿਸ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੇ ਪ੍ਰੋਗਰਾਮ ਲੈ ਕੇ ਘਰ-ਘਰ ਜਾ ਰਹੇ ਹਨ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟ ਹੋਣ ਤੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣ | ਰਣਜੀਤ ਸਿੰਘ ਖੋਜੇਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਤੇ ਚੋਣਾਂ ਤੋਂ ਪਹਿਲਾਂ 'ਆਪ' ਦੇ ਆਗੂਆਂ ਨੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸੀ, ਸਰਕਾਰ ਆਪਣੇ ਚਾਰ ਸਾਲ ਦੇ ਰਾਜ ਵਿਚ ਉਹ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਐਸ.ਸੀ. ਮੋਰਚੇ ਦੇ ਸੂਬਾਈ ਬੁਲਾਰੇ ਮਹਿੰਦਰ ਸਿੰਘ ਬਲੇਰ ਨੇ ਵੀ ਚੱਕ ਦੋਨਾ ਦੇ ਸਰਪੰਚ ਤੇ ਹੋਰ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਦਾ ਸਵਾਗਤ ਕੀਤਾ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ ਤੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਹੈਰੀ ਸ਼ਰਮਾ, ਜ਼ਿਲ੍ਹੇ ਦੇ ਉਪ ਪ੍ਰਧਾਨ ਬਲਵਿੰਦਰ ਸਿੰਘ ਅਰਾਈਆਂਵਾਲ, ਜ਼ਿਲ੍ਹੇ ਦੇ ਉਪ ਪ੍ਰਧਾਨ ਨੰਬਰਦਾਰ ਤੀਰਥ ਸਿੰਘ, ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਬੇਟ ਦੇ ਪ੍ਰਧਾਨ ਬਲਵੰਤ ਸਿੰਘ ਬੂਟਾਂ, ਐਸ.ਸੀ. ਮੋਰਚੇ ਦੇ ਪੰਜਾਬ ਦੇ ਉਪ ਪ੍ਰਧਾਨ ਨਿਰਮਲ ਸਿੰਘ ਨਾਹਰ, ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਉਲ, ਮੰਡਲ ਪ੍ਰਧਾਨ ਲੱਕੀ ਸਰਪੰਚ, ਮੱਸਾ ਸਿੰਘ ਮਾਡਲ ਟਾਊਨ ਵਾਲੇ, ਸੁਰਜੀਤ ਸਿੰਘ, ਰਵਿੰਦਰ ਸ਼ਰਮਾ, ਡਾ. ਅਮਰਨਾਥ ਤੋਂ ਇਲਾਵਾ ਪਾਰਟੀ ਦੇ ਹੋਰ ਕਈ ਆਗੂ ਤੇ ਵਰਕਰ ਹਾਜ਼ਰ ਸਨ |