ਸੁਲਤਾਨਪੁਰ ਲੋਧੀ, 3 ਫਰਵਰੀ (ਨਰੇਸ਼ ਹੈਪੀ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਵਾਰਡ ਨੰਬਰ 3 ਵਿਚ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦੀ ਅਗਵਾਈ ਵਿਚ ਹੈਲਥ ਕਾਰਡ ਬਣਾਉਣ ਦਾ ਕੰਮ ਅੱਜ ਜੰਗੀ ਪੱਧਰ 'ਤੇ ਸ਼ੁਰੂ ਹੋ ਗਿਆ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਯੋਜਨਾ ਗ਼ਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ | ਰਾਜੀਵ ਧੀਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਦਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਹੋਵੇਗਾ, ਜਿਸ ਵਿਚ ਸਮੂਹ ਸਰਕਾਰੀ ਅਤੇ ਜਲੰਧਰ ਜ਼ਿਲ੍ਹੇ ਦੇ ਕੁੱਲ 60 ਪ੍ਰਾਈਵੇਟ ਹਸਪਤਾਲ ਵਿਚ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਵਿਚ ਵਾਰਡ ਨੰਬਰ 3 ਵਿਚ ਗ਼ਰੀਬ ਪਰਿਵਾਰਾਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਦੇ ਹੈਲਥ ਕਾਰਡ ਬਣਵਾਉਣ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹੈ ਕਿ ਕੋਈ ਵੀ ਪਰਿਵਾਰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਪੈਸੇ ਦੀ ਘਾਟ ਕਾਰਨ ਸੂਬੇ ਦਾ ਕੋਈ ਵੀ ਨਾਗਰਿਕ ਬਿਹਤਰ ਇਲਾਜ ਤੋਂ ਵਾਂਝਾ ਨਾ ਰਹੇ ਅਤੇ ਉਸ ਨੂੰ ਵਧੀਆ ਮੈਡੀਕਲ ਸਹੂਲਤਾਂ ਪ੍ਰਾਪਤ ਹੋ ਸਕਣ | ਇਸ ਮੌਕੇ ਤੀਰਥ ਧੀਰ ਨੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦਾ ਧੰਨਵਾਦ ਕੀਤਾ |