ਫਗਵਾੜਾ, 4 ਫਰਵਰੀ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਪੁਰਾਣਾ ਡਾਕਖ਼ਾਨਾ ਰੋਡ 'ਤੇ ਕੂੜੇ ਦੇ ਢੇਰ ਨੂੰ ਲੱਗੀ ਅੱਗ ਕਾਰਨ ਇਲਾਕੇ 'ਚ ਅਫ਼ਰਾ-ਤਫ਼ਰੀ ਮੱਚ ਗਈ | ਮੌਕੇ 'ਤੇ ਪਹੁੰਚੀ ਫਾਇਰ ਬਿ੍ਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾ ਲਿਆ | ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਕੂੜੇ ਦੇ ਡੰਪ ਨੂੰ ਅੱਗ ਲੱਗੀ ਹੋਈ ਹੈ | ਉਨ੍ਹਾਂ ਨੇ ਫਾਇਰ ਟੈਂਡਰ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ | ਉਨ੍ਹਾਂ ਮੁਤਾਬਿਕ ਇੱਕ ਹੀ ਫਾਇਰ ਟੈਂਡਰ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ | ਜ਼ਿਕਰਯੋਗ ਹੈ ਕਿ ਇਸ ਕੂੜੇ ਦੇ ਡੰਪ ਦੀ ਦੀਵਾਰ ਨਾਲ ਹੀ ਸਕੂਲ ਆਫ਼ ਐਮੀਨੈਂਸ ਹੈ ਤੇ ਵੱਡੀ ਘਟਨਾ ਵਾਪਰ ਸਕਦੀ ਸੀ |