ਸੁਲਤਾਨਪੁਰ ਲੋਧੀ,4 ਫਰਵਰੀ (ਪ.ਪ. ਰਾਹੀਂ) - ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਵਤਾਰ ਸਿੰਘ ਮੀਰੇ, ਜਥੇਦਾਰ ਗੁਰਜੰਟ ਸਿੰਘ ਸੰਧੂ ਅਤੇ ਸਾਬਕਾ ਸਰਪੰਚ ਸੂਰਤ ਸਿੰਘ ਅਮਰਕੋਟ ਨੇ ਕਿਹਾ ਕਿ ਇਹ ਸੱਚਾਈ ਦੀ ਵੱਡੀ ਜਿੱਤ ਹੋਈ ਜਿਸ ਨੂੰ ਲੈ ਕੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਨੇ ਕਿਹਾ ਕਿ ਮਜੀਠੀਆ ਨੂੰ ਸਾਜ਼ਿਸ਼ ਤਹਿਤ ਹੀ ਝੂਠੇ ਕੇਸ ਵਿਚ ਫਸਾਇਆ ਗਿਆ ਸੀ | ਉਨ੍ਹਾਂ ਨੇ ਕਿਹਾ ਕਿ ਜ਼ਮਾਨਤ 'ਤੇ ਆਉਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੀ ਲੋਕਪਿ੍ਅਤਾ ਵਿਚ ਵੱਡਾ ਵਾਧਾ ਹੋਵੇਗਾ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਤਨੋਂ ਮਨੋਂ ਜੁੱਟ ਜਾਣਗੇ | ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਦੇ ਵਰਕਰਾਂ ਨਾਲ ਹਮੇਸ਼ਾ ਚਟਾਨ ਵਾਂਗ ਖੜਦੇ ਸਨ ਤੇ ਹਰ ਵਰਕਰ ਦੀ ਲੜਾਈ ਆਪ ਮੂਹਰੇ ਹੋ ਕੇ ਲੜਦੇ ਸਨ | ਉਨ੍ਹਾਂ ਨੇ ਕਿਹਾ ਸਾਬਕਾ ਕੈਬਨਿਟ ਮੰਤਰੀ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਡੱਟ ਕੇ ਪਹਿਰਾ ਦਿੰਦਿਆਂ ਸਮੇਂ ਦੀਆਂ ਕੇਂਦਰੀ ਸਰਕਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ |