ਡਡਵਿੰਡੀ, 5 ਫਰਵਰੀ (ਦਿਲਬਾਗ ਸਿੰਘ ਝੰਡ)- ਮੁੱਖ ਥਾਣਾ ਅਫ਼ਸਰ ਸੁਲਤਾਨਪੁਰ ਲੋਧੀ ਇੰਸਪੈਕਟਰ ਹਰਿੰਦਰ ਸਿੰਘ ਦੀ ਅਗਵਾਈ ਵਿਚ ਡੱਲਾ ਸਾਹਿਬ ਚੌਂਕੀ ਦੀ ਪੁਲਿਸ ਨੇ 50 ਗ੍ਰਾਮ ਹੈਰੋਇਨ ਤੇ 6 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਥਾਣਾ ਅਫ਼ਸਰ ਸੁਲਤਾਨਪੁਰ ਲੋਧੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਡੱਲਾ ਸਾਹਿਬ ਦੇ ਇੰਚਾਰਜ ਐਸ.ਆਈ. ਮਲਕੀਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ ਤਾਂ ਪਿੰਡ ਤੋਤੀ ਵਿਖੇ ਉਨ੍ਹਾਂ ਨੇ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਕੋਲੋਂ 50 ਗ੍ਰਾਮ ਹੈਰੋਇਨ ਅਤੇ 6 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਵਿਅਕਤੀ ਦੀ ਪਹਿਚਾਣ ਕੁਲਵਿੰਦਰ ਸਿੰਘ ਉਰਫ਼ ਸਾਈ ਉਰਫ਼ ਸੋਨੂੰ ਪੁੱਤਰ ਸੁਰਜੀਤ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ ਪੁੱਛਗਿਛ ਦੌਰਾਨ ਮੰਨਿਆ ਕਿ ਉਹ ਪੈਸੇ ਦੇ ਲਾਲਚ ਵਿਚ ਇਹ ਧੰਦਾ ਕਰਦਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਕਤ ਵਿਅਕਤੀ ਦੇ ਤਾਏ ਦੇ ਲੜਕੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪਾਸੋਂ ਵੀ 11 ਗ੍ਰਾਮ 90 ਮਿਲੀਗ੍ਰਾਮ ਹੈਰੋਇਨ ਅਤੇ 18400 ਰੁਪਏ ਡਰੱਗ ਮਨੀ ਬਰਾਮਦ ਕਰਕੇ ਕਪੂਰਥਲਾ ਜੇਲ੍ਹ ਭੇਜਿਆ ਗਿਆ ਹੈ |