ਸੁਭਾਨਪੁਰ, 6 ਫਰਵਰੀ (ਸਤਨਾਮ ਸਿੰਘ)- ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਪਿੰਡ ਬੂਟ ਵਿਖੇ ਬਾਬਾ ਅਮਰਨਾਥ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਵਿਅਕਤੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਬਾਬਾ ਅਮਰਨਾਥ ਜੀ ਦੇ ਪ੍ਰਧਾਨ ਬਲਦੇਵ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਪਿੰਡ ਬੂਟ ਨੇ ਦੱਸਿਆ ਕਿ ਉਨ੍ਹਾਂ ਨੂੰ ਹੈੱਡ ਗ੍ਰੰਥੀ ਕਰਨੈਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਪਾਠ ਕਰਨ ਲੱਗਾ ਤਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਹੋਈ ਪਈ ਸੀ | ਫਿਰ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਵਿਖੇ ਲੱਗੇ ਕੈਮਰਿਆਂ ਨੂੰ ਚੈੱਕ ਕੀਤਾ ਗਿਆ ਤਾਂ ਪਤਾ ਲੱਗਾ ਕਿ 27 ਜਨਵਰੀ ਨੂੰ ਪਿੰਡ ਦੇ ਹੀ ਰਹਿਣ ਵਾਲੇ ਸਰਬਜੀਤ ਸਿੰਘ ਉਰਫ਼ ਸੱਬਾ ਪੁੱਤਰ ਅਮਰਜੀਤ ਸਿੰਘ ਨੇ ਗੁਰੂ ਘਰ ਵਿਖੇ ਆ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਸੀ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈੇ |