ਸੁਭਾਨਪੁਰ, 6 ਫਰਵਰੀ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਸ ਵੱਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਏ.ਐਸ.ਆਈ. ਬਖ਼ਸ਼ੀਸ਼ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਡੋਗਰਾਂਵਾਲ, ਹਮੀਰਾ ਦੀ ਤਰਫ਼ ਗਸ਼ਤ ਕਰ ਰਹੇ ਸਨ | ਜਦੋਂ ਪੁਲਿਸ ਪਾਰਟੀ ਪਿੰਡ ਡੋਗਰਾਂਵਾਲ ਦੇ ਗੇਟ ਦੇ ਨਜ਼ਦੀਕ ਪਹੁੰਚੀ ਤਾਂ ਇੱਕ ਵਿਅਕਤੀ ਪਿੰਡ ਡੋਗਰਾਂਵਾਲ ਦੀ ਤਰਫ਼ੋਂ ਆਉਂਦਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ 'ਚੋਂ ਇੱਕ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ | ਸ਼ੱਕ ਦੀ ਬਿਨਾਹ 'ਤੇ ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਕਸ਼ਮੀਰ ਸਿੰਘ ਸ਼ੀਰਾ ਪੁੱਤਰ ਮੁਨਸ਼ਾ ਸਿੰਘ ਵਾਸੀ ਡੋਗਰਾਂਵਾਲ ਥਾਣਾ ਸੁਭਾਨਪੁਰ ਦੱਸਿਆ | ਉਕਤ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |