ਭੁਲੱਥ, 6 ਫਰਵਰੀ (ਮੇਹਰ ਚੰਦ ਸਿੱਧੂ)- ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਮਾਸਟਰ ਰਾਜਪਾਲ ਨਾਹਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਅਧਿਆਪਕਾਂ ਕੋਲੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕਰੇ ਤੇ ਅਧਿਆਪਕਾਂ ਪਾਸੋਂ ਸਿਰਫ਼ ਵਿੱਦਿਅਕ ਕੰਮ ਹੀ ਲਏ ਜਾਣ | ਉਨ੍ਹਾਂ ਕਿਹਾ ਕਿ ਇੱਕ ਪਾਸੇ ਵਿਦਿਆਰਥੀਆਂ ਦੇ ਇਮਤਿਹਾਨ ਨੇੜੇ ਆ ਰਹੇ ਹਨ, ਇਸੇ ਕਰਕੇ ਸਕੂਲਾਂ ਵਿਚ ਵਿਦਿਆਰਥੀਆਂ ਦੇ ਸਿਲੇਬਸ ਦੀ ਦੁਹਰਾਈ ਚੱਲ ਰਹੀ ਹੈ ਪਰ ਇਸ ਸਭ ਦੇ ਦਰਮਿਆਨ ਸਰਕਾਰ ਵੱਲੋਂ ਸਰਕਾਰੀ ਅਧਿਆਪਕਾਂ ਨੂੰ 2003 ਦੀਆਂ ਵੋਟਰ ਸੂਚੀਆਂ ਤੇ 2025 ਦੀਆਂ ਵੋਟਰ ਸੂਚੀਆਂ ਦੇ ਮਿਲਾਣ ਕਰਨ ਦੀਆਂ ਡਿਊਟੀਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਮੰਗ ਕੀਤੀ ਕਿ ਚੋਣਾਂ ਤੇ ਹੋਰ ਸਰਕਾਰੀ ਕੰਮਾਂ ਲਈ ਬੇਰੁਜ਼ਗਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇ ਤੇ ਜਿਹੜਾ ਮਿਹਨਤਾਨਾ ਬੀ.ਐਲ.ਓਜ. ਨੂੰ ਦਿੱਤਾ ਜਾਂਦਾ ਹੈ, ਉਸ ਪੈਸੇ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਕੰਮ ਦਿੱਤਾ ਜਾਵੇ |