ਕਪੂਰਥਲਾ, 21 ਫਰਵਰੀ (ਸਡਾਨਾ)- ਥਾਣਾ ਸਿਟੀ ਅਧੀਨ ਆਉਂਦੇ ਮੁਹੱਲਾ ਸੀਨਪੁਰਾ ਵਿਖੇ ਬੀਤੀ 2 ਜਨਵਰੀ ਨੂੰ ਹੇਮਪ੍ਰੀਤ ਕੌਰ ਉਰਫ਼ ਹੇਮਾ ਦੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਇਕ ਵਿਅਕਤੀ ਨੂੰ ਹਰਿਆਣਾ ਪੁਲਿਸ ਨੇ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਉਕਤ ਵਿਅਕਤੀ ਘਟਨਾ ਦੌਰਾਨ ਸ਼ੂਟਰ ਦੇ ਨਾਲ ਉਸ ਦਾ ਮੋਟਰਸਾਈਕਲ ਚਲਾ ਰਿਹਾ ਸੀ ਤੇ ਇਨ੍ਹਾਂ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਕਾਫ਼ੀ ਵਾਇਰਲ ਹੋਈ ਸੀ | ਪਤਾ ਲੱਗਾ ਹੈ ਕਿ ਕਥਿਤ ਦੋਸ਼ੀ ਬਿਕਰਮਜੀਤ ਸਿੰਘ ਵਿੱਕੀ ਵਾਸੀ ਸੁੰਦਰ ਨਗਰ ਨੂੰ ਹਰਿਆਣਾ ਪੁਲਿਸ ਨੇ ਬੀਤੇ 2 ਦਿਨ ਪਹਿਲਾਂ ਗਿ੍ਫ਼ਤਾਰ ਕੀਤਾ ਹੈ ਤੇ ਉਸ ਪਾਸੋਂ ਦੋ ਦੇਸੀ ਪਿਸਤੌਲ ਤੇ ਕੁੱਝ ਕਾਰਤੂਸ ਵੀ ਬਰਾਮਦ ਹੋਏ ਹਨ ਤੇ ਉੱਥੇ ਉਕਤ ਵਿਅਕਤੀ ਵਿਰੁੱਧ ਅਸਲਾ ਐਕਟ ਤਹਿਤ ਕੇਸ ਵੀ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਵਿਕਰਮਜੀਤ ਸਿੰਘ ਵਿੱਕੀ ਨੂੰ ਕਪੂਰਥਲਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਤਿਆਰੀ ਕਰ ਰਹੀ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿਛ ਉਪਰੰਤ ਜਲਦੀ ਹੀ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਵੀ ਗਿ੍ਫ਼ਤਾਰ ਕਰ ਲਿਆ ਜਾਵੇਗਾ |