ਕਪੂਰਥਲਾ, 24 ਫਰਵਰੀ (ਅਮਰਜੀਤ ਕੋਮਲ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਡਾ. ਹਰਸਿਮਰਨ ਕੌਰ ਪਿ੍ੰਸੀਪਲ ਗੁਰੂ ਤੇਗ ਬਹਾਦਰ ਕਾਲਜ ਤੇ ਡਾ. ਲਖਵੀਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਸ਼ਮ੍ਹਾ ਰੌਸ਼ਨ ਕਰਨ ਨਾਲ ਹੋਈ ਤੇ ਬਾਅਦ ਵਿਚ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਕਾਲਜ ਵਿਚ ਅੰਤਰਰਾਸ਼ਟਰੀ ਦਿਵਸ ਸਬੰਧੀ ਸਮਾਗਮ ਕਰਵਾਉਣ ਲਈ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਤੇ ਯੂਨੀਵਰਸਿਟੀ ਦੀ ਡੀਨ ਪ੍ਰੋ. ਡਾ. ਸਰੋਜ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੰਜਾਬੀ ਭਾਸ਼ਾ ਦੀ ਤਰੱਕੀ ਤੇ ਸੰਭਾਲ ਲਈ ਅੱਗੇ ਆਉਣ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਹਰਸਿਮਰਨ ਕੌਰ ਨੇ ਪੰਜਾਬੀ ਭਾਸ਼ਾ ਨਾਲ ਜੁੜੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿਚ ਉੱਚ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਲਈ ਅਧਿਆਪਨ, ਅਨੁਵਾਦ, ਪੱਤਰਕਾਰਤਾ, ਰੇਡਿਓ ਤੇ ਟੀ.ਵੀ. ਐਂਕਰਿੰਗ, ਸਿਵਲ ਸਰਵਿਸਿਜ਼ ਤੇ ਪ੍ਰਕਾਸ਼ਨ ਦੇ ਖੇਤਰ ਵਿਚ ਵਿਸ਼ਾਲ ਸੰਭਾਵਨਾਵਾਂ ਮੌਜੂਦ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੰਜਾਬੀ ਨੂੰ ਕੇਵਲ ਵਿਸ਼ੇ ਵਜੋਂ ਹੀ ਨਹੀਂ ਸਗੋਂ ਇਸ ਨੂੰ ਇਕ ਕੈਰੀਅਰ ਦੇ ਰੂਪ ਵਿਚ ਅਪਣਾਉਣ | ਇਸ ਮੌਕੇ ਬੋਲਦਿਆਂ ਡਾ. ਲਖਬੀਰ ਸਿੰਘ ਨੇ ਮਾਤ ਭਾਸ਼ਾ ਦੀ ਅਹਿਮੀਅਤ ਬਾਰੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਮਨੁੱਖ ਦੀ ਪਹਿਲੀ ਪਹਿਚਾਣ ਹੁੰਦੀ ਹੈ ਤੇ ਇਹ ਸਾਡੀ ਸੰਸਕਿ੍ਤੀ, ਵਿਰਾਸਤ ਅਤੇ ਇਤਿਹਾਸ ਨਾਲ ਗੂੜੇ੍ਹ ਤੌਰ 'ਤੇ ਜੁੜੀ ਹੋਈ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਮਾਤ ਭਾਸ਼ਾ ਨੂੰ ਸੰਭਾਲਾਂਗੇ ਤਾਂ ਹੀ ਆਪਣੇ ਸਭਿਆਚਾਰਕ ਧਰੋਹਰ ਨੂੰ ਬਚਾ ਸਕਾਂਗੇ | ਇਸੇ ਦੌਰਾਨ ਹੀ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਲੋਕਗੀਤ, ਸਲੋਗਨ ਲਿਖਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਦੇ ਪੰਜਾਬੀ ਵਿਭਾਗ ਤੋਂ ਪ੍ਰੋ. ਹਰਜਿੰਦਰ ਕੌਰ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਕਾਲਜ ਦੇ ਪਿ੍ੰਸੀਪਲ ਤੇ ਹੋਰ ਸਟਾਫ਼ ਮੈਂਬਰਾਂ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੀ ਸਮਾਪਤੀ 'ਤੇ ਸਾਰਿਆਂ ਨੇ ਮਾਤ ਭਾਸ਼ਾ ਦੀ ਪ੍ਰਗਤੀ ਤੇ ਪ੍ਰਸਾਰ ਲਈ ਸੰਕਲਪ ਲਿਆ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |