ਕਪੂਰਥਲਾ, 25 ਫਰਵਰੀ (ਵਿਸ਼ੇਸ਼ ਪ੍ਰਤੀਨਿਧ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਸਿੱਖਿਆ ਵਿਭਾਗ ਵਿਚ ਪਿਛਲੇ 20 ਸਾਲਾਂ ਤੋਂ ਕੰਮ ਕਰਦੇ ਸਮੱਗਰਾ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀਆਂ ਵਲੋਂ ਉਨ੍ਹਾਂ ਦੀ ਤਨਖ਼ਾਹ ਘਟਾਏ ਜਾਣ ਦੇ ਵਿਰੋਧ ਵਿਚ ਕੀਤੇ ਗਏ ਰੋਸ ਵਿਖਾਵੇ ਮੌਕੇ ਪੁਲਿਸ ਵਲੋਂ ਲਾਠੀਚਾਰਜ ਕਰਨ ਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੁਛਾੜਾ ਮਾਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਇਨ੍ਹਾਂ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਪਿਛਲੇ 20-20 ਸਾਲਾਂ ਤੋਂ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਨੂੰ ਪਹਿਲਾਂ 50 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਂਦੀ ਸੀ, ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਘਟਾ ਕੇ 19 ਹਜ਼ਾਰ ਰੁਪਏ ਕਰਕੇ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਤੇ ਇੰਨੀ ਲੰਮੀ ਨੌਕਰੀ ਕਰਨ ਤੋਂ ਬਾਅਦ ਵੀ ਉਨ੍ਹਾਂ ਦੇ ਤਿੰਨ ਸਾਲ ਦਾ ਪਰਖਕਾਲ ਪੂਰਾ ਕਰਨ ਦੀ ਸ਼ਰਤ ਲਗਾ ਦਿੱਤੀ ਗਈ | ਅਧਿਆਪਕ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਤੇ ਹਾਈ ਕੋਰਟ ਵਲੋਂ ਪ੍ਰਬੇਸ਼ਨਲ ਪੀਰੀਅਡ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ਦਾ ਫ਼ੈਸਲਾ ਦਿੱਤਾ ਹੋਇਆ ਹੈ, ਇਸ ਦੇ ਬਾਵਜੂਦ ਵੀ ਸਰਕਾਰ ਦਫ਼ਤਰੀ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਇਸੇ ਦੌਰਾਨ ਹੀ ਜਥੇਬੰਦੀ ਦੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਜੋਤੀ ਮਹਿੰਦਰੂ, ਮੀਤ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਸੰਯੁਕਤ ਸਕੱਤਰ ਹਰਪ੍ਰੀਤਪਾਲ ਸਿੰਘ, ਵਿੱਤ ਸਕੱਤਰ ਦਿਨੇਸ਼ ਕੁਮਾਰ, ਜ਼ਿਲ੍ਹਾ ਕਮੇਟੀ ਮੈਂਬਰ ਅਪਿੰਦਰ ਸਿੰਘ ਤੇ ਰਜਿੰਦਰ ਸਿੰਘ ਭੌਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਨੂੰ ਦਿੱਤੀ ਜਾਂਦੀ ਤਨਖ਼ਾਹ ਸੁਰੱਖਿਅਤ ਕਰਦੇ ਹੋਏ ਇਨ੍ਹਾਂ ਨੂੰ ਪੁਰਾਣੇ ਪੰਜਾਬ ਪੇ ਸਕੇਲ 'ਤੇ ਹੀ ਰੈਗੂਲਰ ਕੀਤਾ ਜਾਵੇ | ਅਧਿਆਪਕ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੰਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ |