ਭੁਲੱਥ, 25 ਫਰਵਰੀ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਅਰਜੁਨਾ ਐਵਾਰਡੀ ਇੰਟਰਨੈਸ਼ਨਲ ਹਾਕੀ ਖਿਡਾਰੀ ਰੁਪਿੰਦਰ ਪਾਲ ਸਿੰਘ ਨੇ ਬਤੌਰ ਐਸ.ਡੀ.ਐਮ. ਭੁਲੱਥ ਚਾਰਜ ਸੰਭਾਲ ਕੇ ਕੰਮਕਾਜ਼ ਅਰੰਭ ਕਰ ਦਿੱਤਾ ਹੈ | ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਦੇ ਦਰਵਾਜ਼ੇ ਹਮੇਸ਼ਾ ਆਮ ਪਬਲਿਕ ਲਈ ਖੁੱਲ੍ਹੇ ਹਨ, ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ | ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਧ ਤੋਂ ਵੱਧ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਪਿੰਡ ਵਿਚ ਟੂਰਨਾਮੈਂਟ ਕਰਵਾਏ ਜਾਣ ਤਾਂ ਜੋ ਬੱਚਿਆਂ ਦਾ ਧਿਆਨ ਨਸ਼ਿਆਂ ਵੱਲ ਜਾਣ ਦੀ ਬਜਾਇ ਖੇਡਾਂ ਵੱਲ ਹੋ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਲੰਪੀਅਨ ਖੇਡਾਂ 'ਚ ਦੇਸ਼ ਦਾ ਨਾਮ ਰੌਸ਼ਨ ਕਰਨ ਕਰਕੇ ਉਨ੍ਹਾਂ ਨੂੰ ਸਰਕਾਰੀ ਨੌਕਰੀ ਦੇ ਕੇ ਨਿਵਾਜਿਆ ਗਿਆ ਹੈ ਤੇ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ ਉਨ੍ਹਾਂ ਨੇ ਤਹਿਸੀਲ ਕੰਪਲੈਕਸ ਵਿਚ ਭਿ੍ਸ਼ਟਾਚਾਰ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਿ੍ਸ਼ਟਾਚਾਰ ਦੇ ਖ਼ਿਲਾਫ਼ ਹਨ ਤੇ ਭਿ੍ਸ਼ਟ ਕਰਮਚਾਰੀਆਂ ਨੂੰ ਕਿਸੇ ਕੀਮਤ 'ਤੇ ਨਹੀਂ ਬਖ਼ਸ਼ਣਗੇ |