ਮਕਸੂਦਾਂ, 25 ਫਰਵਰੀ (ਸੌਰਵ ਮਹਿਤਾ)- ਚੌਂਕੀ ਫੋਕਲ ਪੁਆਇੰਟ ਦੀ ਪੁਲਿਸ ਨੇ ਇਲਾਕੇ ਵਿੱਚ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਦੌਰਾਨ ਇੱਕ ਨੌਜਵਾਨ ਨੂੰ ਚਿੱਟੇ ਦਾ ਨਸ਼ਾ ਕਰਦੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮ ਕੋਲੋਂ ਨਸ਼ਾ ਸੇਵਨ ਕਰਨ ਲਈ ਵਰਤਿਆ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਮੁਤਾਬਕ ਚੌਕੀ ਫੋਕਲ ਪੁਆਇੰਟ ਵਿੱਚ ਤਾਇਨਾਤ ਏ.ਐਸ.ਆਈ. ਰਾਜਪਾਲ ਸਿੰਘ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਇਲਾਕੇ ਦੇ ਇੱਕ ਸੁੰਨੇ ਸਥਾਨ 'ਤੇ ਇਕ ਵਿਅਕਤੀ ਚਿੱਟੇ ਦਾ ਨਸ਼ਾ ਕਰ ਰਿਹਾ ਹੈ | ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਰੇਡ ਕੀਤੀ ਗਈ | ਮੌਕੇ 'ਤੇ ਪੁੱਜ ਕੇ ਪੁਲਿਸ ਨੇ ਇੱਕ ਨੌਜਵਾਨ ਨੂੰ ਸ਼ੱਕੀ ਹਾਲਤ ਵਿੱਚ ਕਾਬੂ ਕਰ ਲਿਆ | ਪੁੱਛਗਿੱਛ ਦੌਰਾਨ ਉਸ ਦੀ ਪਹਿਚਾਣ ਵਰਿੰਦਰ ਸਿੰਘ ਵਾਸੀ ਰੇਰੂ ਵਜੋਂ ਹੋਈ | ਤਲਾਸ਼ੀ ਲੈਣ 'ਤੇ ਉਸ ਕੋਲੋਂ ਨਸ਼ਾ ਕਰਨ ਲਈ ਵਰਤੇ ਜਾਣ ਵਾਲੇ ਸਾਜ਼ੋ-ਸਾਮਾਨ ਦੀ ਬਰਾਮਦਗੀ ਹੋਈ | ਪੁਲਿਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਨਸ਼ਿਆਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ |