ਕਪੂਰਥਲਾ, 26 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਮ ਲੋਕਾਂ ਤੇ ਮੁਲਾਜ਼ਮਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਰਾਜ ਦੇ ਚਾਰ ਵਰ੍ਹੇ ਬੀਤ ਜਾਣ ਤੋਂ ਬਾਅਦ ਕੋਈ ਵੀ ਵਾਅਦਾ ਪੂਰਾ ਨਾ ਕਰਕੇ ਸਰਕਾਰ ਨੇ ਲੋਕਾਂ ਨਾਲ ਵਿਸ਼ੇਸ਼ ਕਰਕੇ ਮੁਲਾਜ਼ਮਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸੱਤਾ ਵਿਚ ਆ ਕੇ ਪੁਰਾਣੀ ਪੈਨਸ਼ਨ (ਓ.ਪੀ.ਐਸ.) ਲਾਗੂ ਕਰਨਗੇ ਤੇ ਇਸ ਸਬੰਧੀ ਸਰਕਾਰ ਵਲੋਂ ਤਿੰਨ ਵਾਰ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਗੁੰਮਰਾਹ ਕੀਤਾ ਗਿਆ, ਪਰ ਜ਼ਮੀਨੀ ਪੱਧਰ 'ਤੇ ਕਿਸੇ ਵੀ ਮੁਲਾਜ਼ਮ ਨੂੰ ਪੁਰਾਣੀ ਪੈਨਸ਼ਨ ਦਾ ਲਾਭ ਨਹੀਂ ਮਿਲਿਆ | ਇਹ ਸਾਰੇ ਵਾਅਦੇ ਸਿਰਫ਼ ਕਾਗਜ਼ੀ ਕਾਰਵਾਈ ਤੇ ਇਸ਼ਤਿਹਾਰਬਾਜ਼ੀ ਤੱਕ ਸੀਮਿਤ ਹੋ ਕੇ ਰਹਿ ਗਏ ਹਨ | ਉਨ੍ਹਾਂ ਸਰਕਾਰ ਦੇ ਤਾਨਾਸ਼ਾਹੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਸਰਵਸਿੱਖਿਆ ਅਭਿਆਨ ਤਹਿਤ ਭਰਤੀ ਕੀਤੇ ਗਏ ਦਫ਼ਤਰੀ ਕਰਮਚਾਰੀ ਜਦੋਂ ਆਪਣੀ ਤਨਖ਼ਾਹ ਦੀ ਕਟੌਤੀ ਦੇ ਵਿਰੋਧ ਵਿਚ ਸ਼ਾਂਤੀਪੂਰਵਕ ਰੋਸ ਵਿਖਾਵਾ ਕਰ ਰਹੇ ਸਨ ਪਰ ਸਰਕਾਰ ਨੇ ਉਨ੍ਹਾਂ ਦੀ ਜਾਇਜ਼ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਤੇ ਠੰਡੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਜੋ ਬਹੁਤ ਹੀ ਨਿੰਦਣਯੋਗ ਹੈ | ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਮੁਲਾਜ਼ਮਾਂ ਤੋਂ ਇਲਾਵਾ ਮਜ਼ਦੂਰ ਵਰਗ ਵੀ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਿਹਾ ਹੈ, ਕਿਉਂਕਿ ਸਰਕਾਰ ਨੇ ਉਨ੍ਹਾਂ ਦੇ ਭਲਾਈ ਲਈ ਵੀ ਕੋਈ ਠੋਸ ਕਦਮ ਨਹੀਂ ਚੁੱਕਿਆ | ਅਮਰੀਕ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ, ਮੁਲਾਜ਼ਮਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਯੂਨੀਅਨ ਇਨ੍ਹਾਂ ਸਾਰੇ ਵਰਗਾਂ ਵਲੋਂ ਕੀਤੇ ਜਾਣ ਵਾਲੇ ਸੰਘਰਸ਼ ਵਿਚ ਉਨ੍ਹਾਂ ਦਾ ਡੱਟ ਕੇ ਸਾਥ ਦੇਵੇਗੀ |