ਸੁਲਤਾਨਪੁਰ ਲੋਧੀ, 26 ਫਰਵਰੀ (ਪ.ਪ. ਰਾਹੀਂ)-ਪਿਛਲੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀ ਸੇਵਾਵਾਂ ਦੇ ਰਹੇ ਸਮਗਰ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਅਤੇ ਬੀਤੇ ਦਿਨ ਚੰਡੀਗੜ੍ਹ ਵਿਖੇ ਕੀਤੇ ਗਏ ਅਣਉੱਚਿਤ ਬਲ ਪ੍ਰਯੋਗ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਗੌਰਮਿੰਟ ਟੀਚਰ ਯੂਨੀਅਨ ਨੇ ਦਫ਼ਤਰੀ ਕਰਮਚਾਰੀਆਂ ਨੂੰ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ | ਸੁਲਤਾਨਪੁਰ ਲੋਧੀ ਵਿਖੇ ਜਥੇਬੰਦੀ ਦੀ ਹੋਈ ਹੰਗਾਮੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ ਨੇ ਕਿਹਾ ਕਿ ਜਦੋਂ ਦੀ ਆਪ ਸਰਕਾਰ ਸੱਤਾ ਵਿਚ ਆਈ ਹੈ, ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ | ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਉਨ੍ਹਾਂ ਨੇ ਕਿਹਾ ਕਿ ਦਫ਼ਤਰੀ ਕਰਮਚਾਰੀਆਂ ਨੂੰ ਵੱਡੀ ਆਸ ਸੀ ਕਿ ਆਪ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰੇਗੀ ਪਰ ਤਨਖ਼ਾਹਾਂ ਤੇ ਲਾਏ ਜਾ ਕੱਟ ਨੇ ਉਨ੍ਹਾਂ ਨੂੰ ਬੇਗਾਨਗੀ ਵਾਲਾ ਅਹਿਸਾਸ ਮਹਿਸੂਸ ਕਰਵਾ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਦਾ 16 ਫ਼ੀਸਦੀ ਡੀ ਏ ਜਿਉਂ ਦਾ ਤਿਉਂ ਹੀ ਖੜ੍ਹਾ ਹੈ ਅਤੇ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ | ਇਸੇ ਤਰ੍ਹਾਂ ਹੋਰ ਵੀ ਭੱਤੇ ਹਨ ਜਿਨ੍ਹਾਂ ਤੋਂ ਸਰਕਾਰ ਭੱਜ ਰਹੀ ਹੈ |ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਨੇ ਐਲਾਨ ਕੀਤਾ ਕਿ ਉਹ ਦਫ਼ਤਰੀ ਕਰਮਚਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਸੰਘਰਸ਼ ਕਰੇਗੀ | ਇਸ ਮੌਕੇ ਜੁਗਿੰਦਰ ਸਿੰਘ ਅਮਾਨੀ ਪੁਰ, ਮਾਸਟਰ ਕਰਨੈਲ ਸਿੰਘ, ਬਲਜੀਤ ਸਿੰਘ ਟਿੱਬਾ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਜਗਜੀਤ ਸਿੰਘ ਬੂਲਪੁਰ, ਪ੍ਰਦੀਪ ਸਿੰਘ ਘੁਮਾਣ, ਅਸ਼ਵਨੀ ਕੁਮਾਰ, ਰੇਸ਼ਮ ਸਿੰਘ, ਅਮਨਦੀਪ ਸਿੰਘ, ਮਨਜਿੰਦਰ ਸਿੰਘ ਦੰਦੂਪੁਰ ਆਦਿ ਹਾਜ਼ਰ ਸਨ |