ਫਗਵਾੜਾ, 26 ਫਰਵਰੀ (ਹਰਜੋਤ ਸਿੰਘ ਚਾਨਾ)-ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੀ 28 ਫਰਵਰੀ ਨੂੰ ਪੰਜਾਬ ਦੇ ਬਰਨਾਲਾ 'ਚ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਇਤਿਹਾਸਕ ਬਣਾਉਣ ਦੇ ਉਦੇਸ਼ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ, ਪੰਜਾਬ ਅਫੇਅਰਸ, ਸੂਰਜ ਸਿੰਘ ਠਾਕੁਰ ਨੇ ਫਗਵਾੜਾ ਦਾ ਵਿਸ਼ੇਸ਼ ਦੌਰਾ ਕੀਤਾ | ਇਸ ਦੌਰਾਨ ਸਥਾਨਕ ਐਨ.ਵਾਈ.ਆਰ. ਹੋਟਲ 'ਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਦੇ ਸੀਨੀਅਰ ਅਹੁਦੇਦਾਰਾਂ ਤੇ ਵਰਕਰਾਂ ਦੇ ਮੀਟਿੰਗ ਦੌਰਾਨ ਰੈਲੀ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ ਗਿਆ | ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਸੂਰਜ ਸਿੰਘ ਠਾਕੁਰ ਨੇ ਕਿਹਾ ਕਿ ਬਰਨਾਲਾ ਦੀ ਰੈਲੀ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਪੂਰੇ ਪੰਜਾਬ ਦੀ ਆਵਾਜ਼ ਬੁਲੰਦ ਕਰਨ ਦਾ ਮੰਚ ਬਣੇਗਾ ਤਾਂ ਜੋ ਪੰਜਾਬ ਤੇ ਕੇਂਦਰ ਦੀਆਂ ਸਰਕਾਰਾਂ ਨੂੰ ਸਪਸ਼ਟ ਸੰਦੇਸ਼ ਦਿੱਤਾ ਜਾ ਸਕੇ | ਇਸ ਦੌਰਾਨ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਜ਼ਿਲੇ੍ਹ ਦੇ ਹਰ ਬਲਾਕ ਤੋਂ ਵੱਡਾ ਜੱਥਾ ਰੈਲੀ 'ਚ ਸ਼ਾਮਲ ਹੋਣ ਲਈ ਬਰਨਾਲਾ ਪਹੁੰਚੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਲੋਕ ਹਿੱਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ | ਵਿਰੋਧੀ ਧਿਰਾਂ ਦੇ ਆਗੂਆਂ ਨਾਲ ਸ਼ਰੇਆਮ ਧੱਕੇਸ਼ਾਹੀ ਹੋ ਰਹੀ ਹੈ ਤੇ ਕਿਸਾਨਾਂ, ਨੌਜਵਾਨ ਅਤੇ ਵਪਾਰੀਆਂ ਦੇ ਮਸਲਿਆਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ | ਇਸ ਲਈ ਰਾਹੁਲ ਗਾਂਧੀ ਦੀ ਰੈਲੀ ਪ੍ਰਦੇਸ਼ ਦੀ ਨਿਰਾਸ਼ਾ ਤੇ ਹਤਾਸ਼ ਲੋਕਾਂ ਵਿਚ ਨਵੀਂ ਉਮੀਦ ਦੀ ਕਿਰਨ ਜਗਾਏਗੀ | ਇਸ ਮੌਕੇ ਕਾਂਗਰਸ ਐੱਸ.ਸੀ. ਸੈੱਲ, ਬੀ.ਸੀ. ਸੇਲ, ਸ਼ਹਿਰੀ ਤੇ ਦਿਹਾਤੀ, ਮਹਿਲਾ ਵਿੰਗ ਤੇ ਸੇਵਾ ਦਲ ਦੇ ਅਹੁਦੇਦਾਰਾਂ ਸਮੇਤ ਨਗਰ ਕੌਂਸਲਰ, ਪਿੰਡਾਂ ਦੇ ਸਰਪੰਚ, ਪੰਚ ਨੰਬਰਦਾਰ ਅਤੇ ਵੱਡੀ ਗਿਣਤੀ ਵਿਚ ਸੀਨੀਅਰ ਕਾਂਗਰਸ ਆਗੂ ਹਾਜ਼ਰ ਸਨ |