ਫਗਵਾੜਾ, 3 ਮਾਰਚ (ਹਰਜੋਤ ਸਿੰਘ ਚਾਨਾ)-ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ 'ਸੰਪਰਕ' ਪ੍ਰਾਜੈਕਟ ਦੇ ਤਹਿਤ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਲੋਕ ਸੰਪਰਕ ਮੀਟਿੰਗ ਕੀਤੀ | ਇਸ ਮੌਕੇ ਯੂਨੀਵਰਸਿਟੀ ਦਾ ਪ੍ਰਬੰਧਕੀ ਸਟਾਫ਼ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਸ਼ਾਮਿਲ ਸਨ ਤੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਦਾ ਮੁੱਖ ਉਦੇਸ਼ ਇਲਾਕੇ 'ਚ ਸਰਗਰਮ ਸ਼ਰਾਰਤੀ ਤੱਤਾਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਨਾ ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੇ ਯਤਨਾਂ ਨੂੰ ਮਜ਼ਬੂਤ ਕਰਨਾ ਸੀ | ਇਸ ਦੇ ਨਾਲ-ਨਾਲ ਆਮ ਜਨਤਾ 'ਚ ਜਾਗਰੂਕਤਾ ਫੈਲਾਉਣ ਤੇ ਪੁਲਿਸ ਤੇ ਆਮ ਲੋਕਾਂ ਦਰਮਿਆਨ ਭਰੋਸੇ ਨੂੰ ਹੋਰ ਮਜ਼ਬੂਤ ਕਰਨਾ ਵੀ ਇਸ ਮੀਟਿੰਗ ਦਾ ਅਹਿਮ ਹਿੱਸਾ ਰਿਹਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ. ਐਸ. ਪੀ. ਤੂਰਾ ਨੇ ਕਿਹਾ ਕਿ ਇਲਾਕੇ 'ਚ ਅਮਨ-ਸ਼ਾਂਤੀ ਬਣਾਈ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਤੇ ਇਸ 'ਚ ਹਰ ਵਿਅਕਤੀ ਆਪਣੀ ਭੂਮਿਕਾ ਨਿਭਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇ ਲੋਕ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਤਾਂ ਨਤੀਜੇ ਹੋਰ ਵੀ ਬਿਹਤਰ ਹੋ ਸਕਦੇ ਹਨ | ਉਨ੍ਹਾਂ ਭਰੋਸਾ ਦਵਾਇਆ ਕਿ ਪੁਲਿਸ ਵਲੋਂ ਜਨਤਾ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਮੌਕੇ 'ਤੇ ਮੌਜੂਦ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਗ਼ੈਰ-ਕਾਨੂੰਨੀ ਸਰਗਰਮੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਐਂਟੀ-ਗੈਂਗਸਟਰ ਹੈਲਪਲਾਈਨ ਦੇ ਪ੍ਰਚਾਰ 'ਤੇ ਵੀ ਜ਼ੋਰ ਦਿੱਤਾ ਤੇ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਅਪਰਾਧ 'ਤੇ ਕਾਬੂ ਪਾਉਣ ਲਈ ਕਿਰਾਏਦਾਰਾਂ ਦੀ ਤਸਦੀਕ ਲਾਜ਼ਮੀ ਬਣਾਈ ਜਾਵੇਗੀ ਤੇ ਇਲਾਕੇ 'ਚ ਪੁਲੀਸ ਗਸ਼ਤ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲੇ੍ਹ ਦੇ ਕਈ ਪੁਲਿਸ ਅਧਿਕਾਰੀ ਸ਼ਾਮਿਲ ਸਨ |