ਕਪੂਰਥਲਾ, 5 ਮਾਰਚ (ਵਿ.ਪ੍ਰ.)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਮਰੀਕਾ, ਇਜਰਾਈਲ ਤੇ ਈਰਾਨ ਦਰਮਿਆਨ ਚੱਲ ਰਹੀ ਜੰਗ ਦੌਰਾਨ ਖਾੜੀ ਦੇਸ਼ਾਂ ਵਿਚ ਫਸੇ ਲੱਖਾਂ ਪੰਜਾਬੀਆਂ ਨੂੰ ਦੇਸ਼ ਵਾਪਸ ਲਿਆਉਣ ਲਈ ਯਤਨ ਤੇਜ਼ ਕੀਤੇ ਜਾਣ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿਚ ਜੰਗ ਕਾਰਨ ਹਵਾਈ ਸੇਵਾ ਬੰਦ ਹੋ ਚੁੱਕੀ ਹੈ ਜਿਸ ਕਾਰਨ ਵੱਖ-ਵੱਖ ਦੇਸ਼ਾਂ ਵਿਚ ਫਸੇ ਪੰਜਾਬੀਆਂ ਦੇ ਪਰਿਵਾਰ ਚਿੰਤਾ ਵਿਚ ਹਨ | ਉਨ੍ਹਾਂ ਕਿਹਾ ਕਿ ਕੇਵਲ ਸਲਾਹ ਹੀ ਨਾ ਜਾਰੀ ਕੀਤੀ ਜਾਵੇ, ਸਗੋਂ ਪ੍ਰਭਾਵਿਤ ਦੇਸ਼ਾਂ ਵਿਚ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਕੇ ਲੋਕਾਂ ਨੂੰ ਦੇਸ਼ ਲਿਆਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਵਿਚ 24 ਘੰਟੇ ਨੋਡਲ ਸਹਾਇਤਾ ਡੈਸਕ ਸਥਾਪਿਤ ਕੀਤਾ ਜਾਵੇ ਤਾਂ ਜੋ ਖਾੜੀ ਦੇਸ਼ਾਂ ਵਿਚ ਫਸੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਬਾਰੇ ਲੋੜੀਂਦੀ ਜਾਣਕਾਰੀ ਹਾਸਲ ਕਰ ਸਕਣ |