ਭੁਲੱਥ, 6 ਮਾਰਚ (ਮੇਹਰ ਚੰਦ ਸਿੱਧੂ)-ਸੂਬਾ ਪੰਜਾਬ ਅੰਦਰ ਹੋਏ ਬੀਤੇ ਦਿਨਾਂ ਅੰਦਰ 42 ਕਥਿਤ ਪੁਲਿਸ ਮੁਕਾਬਲਿਆਂ ਦੀ ਤੁਰੰਤ ਨਿਰਪੱਖ ਜਾਂਚ ਹੋਵੇ | ਇਹ ਪ੍ਰਗਟਾਵਾ ਕਰਦੇ ਹੋਏ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਅੰਦਰ ਹੋਏ ਕਥਿਤ 42 ਪੁਲਿਸ ਮੁਕਾਬਲਿਆਂ ਦੀ ਜਾਂਚ ਨਿਰਪੱਖ ਤਰੀਕੇ ਨਾਲ ਕਰਵਾਈ ਜਾਵੇ | ਉਨ੍ਹਾਂ ਕਿਹਾ ਕੀ ਇਹ ਜਾਂਚ ਜਾਂ ਤਾਂ ਸੀ. ਬੀ. ਆਈ. ਨੂੰ ਸੌਂਪੀ ਜਾਵੇ ਜਾਂ ਫਿਰ ਹਾਈ ਕੋਰਟ ਦੀ ਨਿਗਰਾਨੀ ਹੇਠ ਇਕ ਸੁਤੰਤਰ ਜਾਂਚ ਟੀਮ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਆਦੀਆ ਦੇ ਨੌਜਵਾਨ ਰਣਜੀਤ ਸਿੰਘ ਸਮੇਤ ਜਿਨ੍ਹਾਂ 42 ਜਣਿਆ ਦੀ ਮੌਤ ਹੋਈ ਹੈ ਉਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਜੇ ਕੋਈ ਪੁਲਿਸ ਅਧਿਕਾਰੀ ਜਾਂ ਸਿਆਸੀ ਨੇਤਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਮਿਲਣੀ ਚਾਹੀਦੀ ਹੈ | ਗੁਰਦਾਸਪੁਰ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਨੇ ਪਹਿਲਾਂ ਦੱਸਿਆ ਕਿ ਦੋ ਪੁਲਿਸ ਮੁਲਾਜ਼ਮਾਂ ਨੇ ਗੋਲੀਆਂ ਚਲਾ ਕੇ ਇਕ ਦੂਜੇ ਨੂੰ ਮਾਰ ਦਿੱਤਾ ਪਰ ਕੁਝ ਸਮੇਂ ਬਾਅਦ ਕਹਾਣੀ ਬਦਲ ਦਿੱਤੀ ਗਈ ਤੇ ਕਿਹਾ ਗਿਆ ਕਿ ਇਸ ਮਾਮਲੇ ਦੇ ਮੁਲਜ਼ਮ ਦਾ ਮੁਕਾਬਲਾ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਤਰੀਕਾ ਕਾਨੂੰਨ ਪ੍ਰਣਾਲੀ ਤੇ ਨਿਆਂ ਪ੍ਰਣਾਲੀ ਦੇ ਅਸੂਲਾ 'ਤੇ ਕਈ ਤਰ੍ਹਾਂ ਦੇ ਸਵਾਲ ਖੜੇ੍ਹ ਕਰਦਾ ਹੈ |