ਕਪੂਰਥਲਾ, 9 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਮਾਨਸਿਕ ਸਿਹਤ ਜਾਗਰੂਕਤਾ ਸੰਬੰਧੀ ਇਕ ਸਮਾਗਮ ਕਰਵਾਇਆ, ਜਿਸ 'ਚ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫਰੀਦਕੋਟ ਦੇ ਸਹਾਇਕ ਪ੍ਰੋਫੈਸਰ ਸੰਦੀਪ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਅੱਜ ਦੇ ਤਣਾਅ ਭਰੇ ਜੀਵਨ ਵਿਚ ਮਨ ਦੀ ਸਿਹਤ ਦਾ ਖ਼ਿਆਲ ਰੱਖਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਆਪਣੇ ਮਨ ਦੀਆਂ ਭਾਵਨਾਵਾਂ ਨੂੰ ਸਮਝਣ, ਸਕਾਰਾਤਮਿਕ ਸੋਚ ਅਪਣਾਉਣ ਤੇ ਸਮੇਂ-ਸਮੇਂ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਤਾਂ ਉਹ ਤਣਾਅ ਤੇ ਚਿੰਤਾ ਵਰਗੀਆਂ ਸਮੱਸਿਆਵਾਂ ਤੋਂ ਨਿਜਾਤ ਪਾ ਸਕਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਸਮਾਗਮ ਵਿਦਿਆਰਥੀਆਂ ਨੂੰ ਜੀਵਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਕਾਲਜ ਦੇ ਐਨ. ਐਸ. ਐਸ. ਵਿਭਾਗ ਵਲੋਂ ਮਾਨਸਿਕ ਸਿਹਤ ਜਾਗਰੂਕਤਾ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਸਮਾਗਮ ਦੇ ਅੰਤ 'ਚ ਕਾਮਰਸ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਵਿਦਿਆਰਥੀਆਂ ਲਈ ਬਹੁਤ ਹੀ ਪ੍ਰੇਰਨਾਦਾਇਕ ਤੇ ਲਾਭਕਾਰੀ ਸਾਬਿਤ ਹੋਣਗੇ | ਇਸ ਮੌਕੇ ਡਾ. ਪਰਮਜੀਤ ਕੌਰ ਤੇ ਕਾਲਜ ਦੇ ਹੋਰ ਸਟਾਫ਼ ਵਲੋਂ ਸੰਦੀਪ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |