ਸੁਲਤਾਨਪੁਰ ਲੋਧੀ, 9 ਮਾਰਚ (ਪ. ਪ.)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੇਸ਼ ਕੀਤਾ ਆਪਣਾ ਪੰਜਵਾਂ ਬਜਟ ਇਤਿਹਾਸਕ ਹੋ ਨਿੱਬੜਿਆ | ਜਿਸ 'ਚ ਆਮ ਆਦਮੀ ਪਾਰਟੀ ਵਲੋਂ ਸੂਬਾ ਨਿਵਾਸੀਆਂ ਨਾਲ ਕੀਤੇ ਸਮੁੱਚੀਆਂ ਚੋਣ ਗਰੰਟੀਆਂ ਨੂੰ ਪੂਰਾ ਕੀਤਾ ਹੈ | ਬਜਟ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਸਾਬਕਾ ਸਰਪੰਚ ਜਸਵਿੰਦਰ ਕੌਰ ਟਿੱਬਾ, ਬਲਾਕ ਕੋਆਰਡੀਨੇਟਰ ਗੁਰਵਿੰਦਰ ਕੌਰ, ਸਰਪੰਚ ਸੁਖਵਿੰਦਰ ਸਿੰਘ ਸੌਂਦ ਤੇ ਸਰਪੰਚ ਬਿਕਰਮ ਸਿੰਘ ਉੱਚਾ ਨੇ ਕਿਹਾ ਕਿ ਇਹ ਬਜਟ ਪੰਜਾਬ ਵਾਸੀਆਂ ਲਈ ਨਵੀਆਂ ਸੰਭਾਵਨਾਵਾਂ ਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਲਾ ਹੈ | ਉਨ੍ਹਾਂ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਲਈ ਇਹ ਇਤਿਹਾਸਕ ਦਿਨ ਹੈ, ਜਿਸ ਵਿਚ ਉਨ੍ਹਾਂ ਨੂੰ ਸਨਮਾਨ ਦੇਣ ਲਈ 9300 ਕਰੋੜ ਰੁਪਏ ਰੱਖੇ ਗਏ ਹਨ | ਔਰਤਾਂ ਨੂੰ 1000 ਰੁਪਏ ਸਨਮਾਨ ਭੱਤਾ ਹਰ ਮਹੀਨੇ ਮਿਲੇਗਾ | ਉਨ੍ਹਾਂ ਨੇ ਕਿਹਾ ਭਗਵੰਤ ਮਾਨ ਸਰਕਾਰ ਵਲੋਂ ਪੇਸ਼ ਕੀਤੇ ਇਤਿਹਾਸਕ ਬਜਟ ਨੇ ਵਿਰੋਧੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ, ਉਨ੍ਹਾਂ ਕੋਲ ਹੁਣ ਬੋਲਣ ਲਈ ਕੁਝ ਨਹੀਂ ਰਿਹਾ | ਇਸ ਮੌਕੇ ਕੋਆਰਡੀਨੇਟਰ ਸੁਖਦੇਵ ਸਿੰਘ ਟਿੱਬਾ, ਨੰਬਰਦਾਰ ਜਤਿੰਦਰ ਸਿੰਘ, ਚਰਨਜੀਤ ਸਿੰਘ ਮੋਮੀ ਆਦਿ ਨੇ ਵੀ ਸੂਬਾ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਪ੍ਰਭਾਵਸ਼ਾਲੀ ਦੱਸਿਆ ਹੈ |