ਕਪੂਰਥਲਾ, 9 ਮਾਰਚ (ਅਮਰਜੀਤ ਕੋਮਲ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹਰ ਵਰਗ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਕਮਿਸ਼ਨ ਵਲੋਂ ਆਮ ਵਿਅਕਤੀ ਦੇ ਅਧਿਕਾਰਾਂ ਦੀ ਕਿਸੇ ਵੀ ਪੱਧਰ 'ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ | ਇਹ ਗੱਲ ਪਿ੍ਆਂਕ ਕਾਨੂੰਗੋ ਮੈਂਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਵਿਚ ਮਨੁੱਖੀ ਅਧਿਕਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸਮੇਂ-ਸਮੇਂ ਸਰਕਾਰੀ ਵਿਭਾਗਾਂ ਤੇ ਹਸਪਤਾਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵਲੋਂ ਲੋਕਾਂ ਦੀ ਭਲਾਈ ਸੰਬੰਧੀ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਇਸ ਦਾ ਲਾਭ ਤਦ ਹੀ ਹੋ ਸਕਦਾ ਹੈ, ਜੇਕਰ ਅਸੀਂ ਜ਼ਮੀਨੀ ਪੱਧਰ 'ਤੇ ਇਨ੍ਹਾਂ ਨੂੰ ਲਾਗੂ ਕਰੀਏ | ਉਨ੍ਹਾਂ ਕਿਹਾ ਕਿ ਕਮਿਸ਼ਨ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖਦਾ ਹੈ ਕਿ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀ ਭਲਾਈ ਸੰਬੰਧੀ ਸਕੀਮਾਂ ਬਾਰੇ ਪੂਰੀ ਜਾਣਕਾਰੀ ਰੱਖਦੇ ਹੋਣ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਬਹੁਤ ਸਾਰੇ ਕੰਮ ਵਿਭਾਗ ਵਲੋਂ ਕੀਤੇ ਜਾਂਦੇ ਹਨ ਤੇ ਆਧੁਨਿਕ ਸਮੇਂ 'ਚ ਮਸ਼ੀਨਾਂ ਜਾਂ ਆਧੁਨਿਕ ਸਾਧਨਾਂ ਰਾਹੀਂ ਕਚਰਾ ਇਕੱਠਾ ਕੀਤਾ ਜਾਂਦਾ ਹੈ | ਇਸ ਲਈ ਹੱਥਾਂ ਨਾਲ ਕੂੜਾ ਇਕੱਠਾ ਕਰਨ 'ਤੇ ਮਨਾਹੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਕਰਮਚਾਰੀ ਦਾ ਕੋਈ ਨੁਕਸਾਨ ਨਾ ਹੋਵੇ | ਕਮਿਸ਼ਨ ਦੇ ਮੈਂਬਰ ਨੇ ਕਿਹਾ ਕਿ ਕਮਿਸ਼ਨ ਵਲੋਂ ਸਫ਼ਾਈ ਕਰਮਚਾਰੀਆਂ ਦੇ ਹਿਤਾਂ ਨੂੰ ਮੁੱਖ ਰੱਖਦਿਆਂ ਸਮੇਂ ਸਮੇਂ ਠੋਸ ਕਦਮ ਚੁੱਕੇ ਜਾਂਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਆਜੀਵਕਾ ਮਿਸ਼ਨ ਤਹਿਤ ਔਰਤਾਂ ਦੇ ਸੈੱਲਫ਼ ਹੈਲਪ ਗਰੁੱਪ ਬਣਾਏ ਜਾਣ ਤੇ ਉਨ੍ਹਾਂ 'ਚ ਲੋੜਵੰਦ ਤੇ ਵਿਧਵਾ ਔਰਤਾਂ ਨੂੰ ਸ਼ਾਮਿਲ ਕੀਤਾ ਜਾਵੇ | ਮੀਟਿੰਗ 'ਚ ਉਨ੍ਹਾਂ ਪੀ. ਐਸ. ਵਿਸ਼ਵਕਰਮਾ ਯੋਜਨਾ, ਨਮਸਤੇ ਸਕੀਮ, ਮੈਂਟਲ ਹੈਲਥ ਪ੍ਰੋਗਰਾਮ, ਪ੍ਰਾਇਮਰੀ ਐਂਡ ਹਾਈ ਸਕੂਲ, ਪ੍ਰੀ ਐਂਡ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ, ਕਚਰਾ ਪ੍ਰਬੰਧਨ, ਆਯੂਸ਼ਮਾਨ ਯੋਜਨਾ ਸਬੰਧੀ ਵੀ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਿਲ ਕੀਤੀ ਤੇ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਦੀ ਹਦਾਇਤ ਕੀਤੀ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ ਨੇ ਸੰਬੰਧਿਤ ਵਿਭਾਗਾਂ ਵਲੋਂ ਚਲਾਈਆਂ ਗਈਆਂ ਸਕੀਮਾਂ ਬਾਰੇ ਕਮਿਸ਼ਨ ਦੇ ਮੈਂਬਰ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਮੈਂਬਰ ਵਲੋਂ ਜਿਹੜੇ ਵੀ ਸੁਝਾਅ ਦਿੱਤੇ ਗਏ ਹਨ, ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਕੰਮ ਕਰੇਗਾ | ਇਸ ਤੋਂ ਪਹਿਲਾਂ ਐਸ. ਐਸ. ਪੀ. ਗੌਰਵ ਤੂਰਾ, ਨਵਨੀਤ ਕੌਰ ਬੱਲ ਤੇ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਕਮਿਸ਼ਨ ਦੇ ਮੈਂਬਰ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐਸ. ਡੀ. ਐਮ. ਮੇਜਰ ਡਾ. ਇਰਵਿਨ ਕੌਰ, ਐਸ. ਪੀ. ਹੈੱਡ ਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਤੋਂ ਪਹਿਲਾਂ ਕਮਿਸ਼ਨ ਦੇ ਮੈਂਬਰ ਨੇ ਸ਼ੇਖੂਪੁਰ 'ਚ ਨਗਰ ਨਿਗਮ ਵਲੋਂ ਸਥਾਪਿਤ ਕੀਤੇ ਗਏ ਕੂੜੇ ਦੇ ਡੰਪ ਦਾ ਦੌਰਾ ਕੀਤਾ ਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ |