ਸੁਲਤਾਨਪੁਰ ਲੋਧੀ, 9 ਮਾਰਚ (ਪ.ਪ.)-ਬੀਤੇ ਦਿਨ ਸਾਂਝੇ ਮੁਲਾਜ਼ਮ ਫ਼ਰੰਟ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਵਿਧਾਨ ਸਭਾ ਦੇ ਘਿਰਾਓ ਕਰਨ ਮੌਕੇ ਸੂਬਾ ਸਰਕਾਰ ਦੀ ਸ਼ਹਿ 'ਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੇ ਵਿਰੋਧ 'ਚ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਿੱਤੇ ਕਲਮ ਛੋੜ ਦੇ ਸੱਦੇ ਤਹਿਤ ਰੈਵੀਨਿਊ ਪਟਵਾਰ ਯੂਨੀਅਨ ਨੇ ਇਸ ਐਕਸ਼ਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਮੁਕੰਮਲ ਹੜਤਾਲ ਕੀਤੀ | ਇਸ ਸੰਬੰਧੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਅੰਦਰ ਪਟਵਾਰੀਆਂ ਨੇ ਕਲਮ ਛੋੜ ਹੜਤਾਲ ਦਾ ਸਮਰਥਨ ਕਰਦਿਆਂ ਕਿ ਉਹ ਆਪਣੇ ਹੱਕਾਂ ਲਈ ਲੜ ਰਹੇ ਮੁਲਾਜ਼ਮਾਂ ਨਾਲ ਚਟਾਨ ਵਾਂਗ ਖੜੇ੍ਹ ਹਨ | ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਦਾ ਇਹ ਅਧਿਕਾਰ ਹੈ ਕਿ ਉਹ ਆਪਣੇ ਹੱਕਾਂ ਲਈ ਵਿਰੋਧ ਪ੍ਰਗਟ ਕਰ ਸਕਦੇ ਹਨ, ਜਦ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਜਾਵੇ, ਪਰ ਬੀਤੇ ਸਮੇਂ ਤੋਂ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਤਾਂ ਡੀ. ਏ. ਦੀਆਂ ਕਿਸ਼ਤਾਂ ਜਾਰੀ ਕਰ ਦਿੱਤੀਆਂ ਹਨ ਜਦ ਕਿ ਤਨਦੇਹੀ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵੀ ਰੈਵੀਨਿਊ ਪਟਵਾਰ ਯੂਨੀਅਨ ਕਲਮ ਛੋੜ ਹੜਤਾਲ ਵਿਚ ਵੱਧ ਚੜ੍ਹ ਕੇ ਹਿੱਸਾ ਲਵੇਗੀ | ਇਸ ਮੌਕੇ ਜਨਰਲ ਸਕੱਤਰ ਮਨਦੀਪ ਸਿੰਘ ਬਲੇਰ,ਫਗਵਾੜਾ ਦੇ ਪ੍ਰਧਾਨ ਦੇਵਿੰਦਰ ਸਿੰਘ, ਸੁਲਤਾਨਪੁਰ ਲੋਧੀ ਤੋਂ ਸੁਖਦੇਵ ਸਿੰਘ, ਭੁਲੱਥ ਦੇ ਪ੍ਰਧਾਨ ਪੰਕਜ ਗੜ੍ਹਵਾਲ, ਰਾਜਨਬੀਰ ਸਿੰਘ ਅਟਵਾਲ, ਜਸਵਿੰਦਰ ਸਿੰਘ ਸੂਬਾਈ ਆਗੂ, ਅਮਨਦੀਪ ਸਿੰਘ ਮੰਗੂਪੁਰ ਆਦਿ ਹਾਜ਼ਰ ਸਨ |