ਸੁਖਮਿੰਦਰ ਸਿੰਘ ਰਾਜਪਾਲ ਵਲੋਂ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਨਿੰਦਾ
ਅਜੀਤ ਡੈਸਕ
11-03-2026
ਜਲੰਧਰ, 10 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਚੰਡੀਗੜ੍ਹ ਪੁਲਿਸ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਰਾਜਪਾਲ ਨੇ ਕਿਹਾ ਕਿ ਦਸਤਾਰ ਸਿੱਖਾਂ ਦੇ ਜੀਵਨ ਦਾ ਅਹਿਮ ਅੰਗ ਹੈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ੋਰ ਜ਼ਬਰ ਦਾ ਪ੍ਰਯੋਗ ਕਰਦਿਆਂ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰੇ ਜਾਣਾ ਸਿੱਖ ਭਾਵਨਾਵਾਂ ਅਤੇ ਸਿੱਖੀ ਦੇ ਗੌਰਵ ਦਾ ਨਿਰਾਦਰ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣਾ ਹੱਕ ਹੈ, ਜਿਸ 'ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣੀ ਪ੍ਰਸ਼ਾਸਨ ਦੀ ਧੱਕੇਸ਼ਾਹੀ ਹੈ | ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਗਿਆ ਹੈ | ਉਨ੍ਹਾਂ ਸਿੱਖਾਂ ਨਾਲ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ | ਦੋਸ਼ੀ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਦੀ ਦਸਤਾਰ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ |