ਕਪੂਰਥਲਾ, 10 ਮਾਰਚ (ਵਿ.ਪ੍ਰ.)-ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਸਾਬਕਾ ਉਪ ਚੇਅਰਮੈਨ ਤੇ ਕਾਂਗਰਸ ਆਗੂ ਮੰਗਲ ਸਿੰਘ ਭੱਟੀ ਨੇ ਇਕ ਬਿਆਨ 'ਚ ਪੰਜਾਬ ਸਰਕਾਰ ਵਲੋਂ ਦਲਿਤ ਵਰਗ, ਮਜ਼ਦੂਰਾਂ ਤੇ ਕਿਸਾਨਾਂ ਨੂੰ ਬਜਟ 'ਚ ਕੋਈ ਰਾਹਤ ਨਾ ਦਿੱਤੇ ਜਾਣ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਸ ਵਰਗ ਦੇ ਲੋਕਾਂ ਨੂੰ ਸਰਕਾਰ 'ਤੇ ਬਹੁਤ ਸਾਰੀਆਂ ਉਮੀਦਾਂ ਸਨ ਕਿ ਬਜਟ ਵਿਚ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇਗੀ, ਪਰ ਸਰਕਾਰ ਉਨ੍ਹਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ | ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਤੇ ਕਪੂਰਥਲਾ ਸਬ ਡਵੀਜ਼ਨ ਦੇ ਲੋਕ ਪਿਛਲੇ ਕਈ ਵਰਿ੍ਹਆਂ ਤੋਂ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਆ ਰਹੇ ਹਨ ਤੇ ਇਸ ਵਾਰ ਆਏ ਹੜ੍ਹ ਕਾਰਨ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਫ਼ਸਲਾਂ ਦਾ ਖ਼ਰਾਬਾ ਦਿੱਤਾ ਜਾਵੇਗਾ, ਪਰ ਬਹੁਤ ਸਾਰੇ ਕਿਸਾਨ ਅਜੇ ਵੀ ਮੁਆਵਜ਼ਾ ਲੈਣ ਲਈ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਪਰ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਕੋਈ ਸੰਤੁਸ਼ਟੀ ਜਨਕ ਜਵਾਬ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਪੂਰਥਲਾ, ਸੁਲਤਾਨਪੁਰ ਲੋਧੀ ਸਬ ਡਵੀਜ਼ਨਾਂ 'ਚ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਜਿਨ੍ਹਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ, ਉਨ੍ਹਾਂ ਨੂੰ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ |