ਕਪੂਰਥਲਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਦੀ ਕੋਰ ਕਮੇਟੀ ਦੀ ਮੀਟਿੰਗ ਪਿੰਡ ਉੱਚਾ 'ਚ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੰਘਰਸ਼ ਕਮੇਟੀ ਦੀ ਸੂਬਾ ਕਮੇਟੀ ਦੇ ਮੈਂਬਰ ਸਤਨਾਮ ਸਿੰਘ ਪਨੂੰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਕਰਵਾਉਣ ਵਾਲੀ ਪੁਲਿਸ ਅਫ਼ਸਰ ਜੋਤੀ ਯਾਦਵ ਤੇ ਉਸ ਦੇ ਸਹਾਇਕ ਅਫ਼ਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਪਿੰਡ ਪੱਧਰ 'ਤੇ ਚਿੱਪ ਵਾਲੇ ਮੀਟਰ ਉਤਾਰ ਕੇ ਬਿਜਲੀ ਦਫ਼ਤਰਾਂ ਵਿਚ ਜਮ੍ਹਾ ਕਰਵਾਏ ਜਾਣ | ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ 16 ਮਾਰਚ ਨੂੰ ਜ਼ੋਨ ਬੰਦਾ ਬਹਾਦਰ ਸਿੰਘ ਸੰਘਰਸ਼ ਕਮੇਟੀ ਦੀ ਚੋਣ ਕਰਵਾਈ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਪਨੂੰ ਤੇ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 14 ਮਾਰਚ ਨੂੰ ਭਾਜਪਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਮੋਗਾ ਵਿਚ ਹੋਣ ਵਾਲੀ ਰੈਲੀ ਦੇ ਵਿਰੋਧ ਵਿਚ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ, ਨਡਾਲਾ ਤੇ ਪਿੰਡ ਵਡਾਲਾ 'ਚ ਪੁਤਲੇ ਫ਼ੂਕ ਕੇ ਰੋਸ ਵਿਖਾਵਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਲਗਾਏ ਜਾ ਰਹੇ ਧਰਨੇ ਵਿਚ ਕਪੂਰਥਲਾ ਜ਼ਿਲ੍ਹੇ ਤੇ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਸ਼ਾਮਿਲ ਹੋਣਗੇ | ਮੀਟਿੰਗ ਵਿਚ ਯੂਨੀਅਨ ਦੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ, ਜ਼ੋਨ ਪ੍ਰਧਾਨ ਹਰਵਿੰਦਰ ਸਿੰਘ ਉੱਚਾ, ਹਰਜੀਤ ਸਿੰਘ, ਹਰਜਿੰਦਰ ਸਿੰਘ ਦੇਸਲ, ਜ਼ੋਨ ਪ੍ਰਧਾਨ ਪਿਆਰਾ ਸਿੰਘ, ਜ਼ੋਨ ਪ੍ਰਧਾਨ ਗੁਰਸੇਵਕ ਸਿੰਘ, ਖ਼ਜ਼ਾਨਚੀ ਪ੍ਰਗਟ ਸਿੰਘ ਸੰਧੂ, ਜ਼ੋਨ ਸੁਲਤਾਨਪੁਰ ਲੋਧੀ ਦੇ ਸਕੱਤਰ ਚੈਂਚਲ ਸਿੰਘ, ਜ਼ੋਨ ਪ੍ਰਧਾਨ ਨਿਸ਼ਾਨ ਸਿੰਘ, ਗੁਰਵਿੰਦਰ ਸਿੰਘ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਰਣਧੀਰਪੁਰ ਆਦਿ ਸ਼ਾਮਲ ਸਨ |