ਸੁਲਤਾਨਪੁਰ ਲੋਧੀ, 12 ਮਾਰਚ (ਪ. ਪ.)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ. ਏ. ਦੀਆਂ 16 ਫ਼ੀਸਦੀ ਕਿਸ਼ਤਾਂ ਦੀ ਅਦਾਇਗੀ ਤੇ ਟੈੱਟ ਦੇ ਵਿਰੋਧ ਵਿਚ ਸਾਂਝੇ ਮੁਲਾਜ਼ਮ ਫ਼ਰੰਟ ਵਲੋਂ ਪੰਜਾਬ ਵਿਧਾਨ ਸਭਾ ਦੇ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਕਪੂਰਥਲਾ ਤੋਂ ਵੱਡੀ ਗਿਣਤੀ 'ਚ ਗੌਰਮਿੰਟ ਟੀਚਰ ਯੂਨੀਅਨ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਕਪੂਰਥਲਾ ਤੋਂ ਰਵਾਨਾ ਹੋਣ ਸਮੇਂ ਆਗੂਆਂ ਨੇ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ | ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਬਲਬੀਰ ਸਿੰਘ ਕਾਲਰੂ,ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਬਲਜੀਤ ਸਿੰਘ ਟਿੱਬਾ, ਸੁਖਦੇਵ ਸਿੰਘ, ਪ੍ਰਦੀਪ ਸਿੰਘ ਘੁੰਮਾਣ, ਕੰਵਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਨਾਲ਼ ਧੋਖਾ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਟੈੱਟ ਦੇ ਪੇਪਰ ਸੰਬੰਧੀ ਕਰਨਾਟਕ, ਤਾਮਿਲਨਾਡੂ, ਕੇਰਲ ਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਨੇ ਅਧਿਆਪਕਾਂ ਦੇ ਹੱਕ ਵਿਚ ਖੜ੍ਹਦਿਆਂ ਇਸ ਦਾ ਵਿਰੋਧ ਕੀਤਾ ਹੈ | ਆਗੂਆਂ ਨੇ ਕਿਹਾ ਕਿ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮਹਿੰਗਾਈ ਭੱਤੇ ਦੀ ਕੋਈ ਕਿਸ਼ਤ ਨਹੀਂ ਦਿੱਤੀ | ਕੇਂਦਰੀ ਤੇ ਗੁਆਂਢੀ ਸੂਬਿਆਂ ਦੇ ਮੁਲਾਜ਼ਮ ਅੱਜ 58 ਫ਼ੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ ਜਦ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ 42 ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦਾ ਸਿਆਸੀ ਢਾਂਚਾ ਬਦਲਿਆ ਜਾਵੇ | ਇਸ ਮੌਕੇ ਆਗੂਆਂ ਨੇ ਚੰਡੀਗੜ੍ਹ ਪੁਲਿਸ ਵਲੋਂ ਅਧਿਆਪਕਾਂ ਤੇ ਕੀਤੇ ਗਏ ਅੱਤਿਆਚਾਰ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਿਆ ਕੀਤੀ | ਇਸ ਮੌਕੇ ਜਗਜੀਤ ਸਿੰਘ ਰਾਜੂ, ਅਸ਼ਵਨੀ ਕੁਮਾਰ, ਸ਼ਿੰਦਰ ਸਿੰਘ, ਅਮਨਦੀਪ ਸਿੰਘ ਜੱਬੋਵਾਲ, ਯਾਦਵਿੰਦਰ ਸਿੰਘ, ਜਗਮੋਹਨ ਸਿੰਘ, ਸੁਖਨਿੰਦਰ ਸਿੰਘ, ਗੁਰਪ੍ਰੀਤ ਸਿੰਘ ਮਹਿਰਵਾਲਾ, ਮਨਜਿੰਦਰ ਸਿੰਘ, ਅੰਮਿ੍ਤ ਸਿੰਘ, ਰਾਜੀਵ ਪਠਾਣੀਆਂ, ਪਰਮਿੰਦਰ ਸਿੰਘ ਬਾਜਾ ਆਦਿ ਹਾਜ਼ਰ ਸਨ |