ਸੁਲਤਾਨਪੁਰ ਲੋਧੀ, 5 ਅਪ੍ਰੈਲ (ਪ. ਪ. ਰਾਹੀਂ)-ਪਟਿਆਲਾ ਜ਼ਿਲ੍ਹੇ ਅੰਦਰ ਭਾਰੀ ਮਾਨਸਿਕ ਦਬਾਅ ਹੇਠ ਬਤੌਰ ਬੀ. ਐਲ. ਓ. ਦੀ ਡਿਊਟੀ ਨਿਭਾਅ ਰਹੇ ਅਧਿਆਪਕ ਪ੍ਰਦੀਪ ਕੁਮਾਰ ਦੇ ਅਚਾਨਕ ਦਿਹਾਂਤ ਉੱਪਰ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਮੰਗ ਕੀਤੀ ਹੈ ਕਿ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ | ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਆਉਣ ਵਾਲੇ ਦਿਨਾਂ ਦੌਰਾਨ ਗੈਰ ਵਿੱਦਿਅਕ ਡਿਊਟੀਆਂ ਦਾ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ | ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਰਸ਼ਪਾਲ ਸਿੰਘ, ਰਾਮ ਸਿੰਘ, ਪ੍ਰਦੀਪ ਘੁਮਾਣ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਨਿਰਮਲ ਸਿੰਘ ਚੰਦੀ ਨੇ ਕਿਹਾ ਕਿ ਇਕ ਪਾਸੇ ਸਰਕਾਰ ਦਾਅਵੇ ਕਰ ਰਹੀ ਹੈ ਕਿ ਸਾਡੀ ਸਰਕਾਰ ਨੇ ਪੰਜਾਬ 'ਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਦ ਕਿ ਅਧਿਆਪਕ ਬੇਲੋੜੀਆਂ ਡਿਊਟੀਆਂ ਤੋਂ ਅੱਕ ਚੁੱਕੇ ਹਨ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਗੈਰ ਵਿੱਦਿਅਕ ਡਿਊਟੀਆਂ ਦਾ ਗੌਰਮਿੰਟ ਟੀਚਰ ਯੂਨੀਅਨ ਮੁਕੰਮਲ ਤੌਰ 'ਤੇ ਵਿਰੋਧ ਕਰੇਗੀ | ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਧਰਮਿੰਦਰ ਸਿੰਘ ਮੱਲ੍ਹੀ, ਨਰੇਸ਼ ਕੋਹਲੀ, ਨਿਰਮਲ ਸਿੰਘ ਚੰਦੀ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |