ਨਡਾਲਾ, 5 ਅਪ੍ਰੈਲ (ਰਘਬਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਨੇ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਆਪਣੇ ਬਿਆਨ ਵਿਚ ਕਿਹਾ ਕਿ ਸਰਕਾਰ ਨੇ ਇਨ੍ਹਾਂ ਸਾਲਾਂ ਦੌਰਾਨ ਪੰਜਾਬ ਦੇ ਵਿਕਾਸ ਲਈ ਕਈ ਇਤਿਹਾਸਕ ਤੇ ਲੋਕ-ਹਿਤੀ ਫ਼ੈਸਲੇ ਕੀਤੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਤੇ ਰੋਜ਼ਗਾਰ ਦੇ ਖੇਤਰਾਂ ਵਿਚ ਵੱਡੇ ਸੁਧਾਰ ਕੀਤੇ ਹਨ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ | ਗੁਰਮੀਤ ਥਾਪਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਾਲਤ ਵਿਚ ਸੁਧਾਰ ਕਰਦੇ ਹੋਏ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ ਅਤੇ ਸਿਹਤ ਖੇਤਰ ਵਿਚ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਇਲਾਜ ਮਿਲ ਰਿਹਾ ਹੈ | ਇਸ ਤੋਂ ਇਲਾਵਾ, 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਉਨ੍ਹਾਂ ਹੋਰ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਤੇ ਖ਼ਾਸ ਧਿਆਨ ਦਿੱਤਾ ਹੈ ਅਤੇ ਭਿ੍ਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਪ੍ਰਸ਼ਾਸਨ 'ਚ ਪਾਰਦਰਸ਼ਤਾ ਲਿਆਈ ਹੈ | ਪਿੰਡਾਂ ਦੇ ਵਿਕਾਸ ਲਈ ਵੀ ਕਈ ਪ੍ਰਾਜੈਕਟ ਲਾਗੂ ਕੀਤੇ ਗਏ ਹਨ, ਜਿਸ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੀ ਹੈ | ਅੰਤ ਵਿਚ ਗੁਰਮੀਤ ਥਾਪਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅੱਗੇ ਵੀ ਇਸੇ ਤਰ੍ਹਾਂ ਲੋਕ-ਹਿਤੀ ਨੀਤੀਆਂ ਨੂੰ ਜਾਰੀ ਰੱਖਦੇ ਹੋਏ ਪੰਜਾਬ ਨੂੰ ਤਰੱਕੀ ਦੇ ਰਸਤੇ 'ਤੇ ਲੈ ਕੇ ਜਾਵੇਗੀ |