ਕਪੂਰਥਲਾ, 6 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕਪੂਰਥਲਾ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ | ਜਿਸ 'ਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ. ਐਸ. ਪੀ. ਗੌਰਵ ਤੂਰਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਨੇ ਪੰਜਾਬ ਸਰਕਾਰ ਦੇ ਪੋਰਟਲ 'ਤੇ ਆਨਲਾਈਨ ਦਰਜ 113 ਸ਼ਿਕਾਇਤਾਂ ਦੇ ਨਿਵਾਰਨ ਸੰਬੰਧੀ ਨਗਰ ਨਿਗਮ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਿਵਲ ਸਰਜਨ ਕਪੂਰਥਲਾ, ਜ਼ਿਲ੍ਹਾ ਮਾਲ ਅਫ਼ਸਰ, ਸਹਾਇਕ ਕਮਿਸ਼ਨਰ ਸਟੇਟ ਟੈਕਸ, ਸਹਾਇਕ ਕਮਿਸ਼ਨਰ ਆਬਕਾਰੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਨਿਗਰਾਨ ਇੰਜੀਨੀਅਰ ਪਾਵਰਕਾਮ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ, ਜ਼ਿਲ੍ਹਾ ਭਲਾਈ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਸਹਾਇਕ ਕਿਰਤ ਕਮਿਸ਼ਨਰ ਕਪੂਰਥਲਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਰਿਪੋਰਟ ਮੰਗੀ | ਮੀਟਿੰਗ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸੰਬੰਧਿਤ ਸ਼ਿਕਾਇਤਾਂ ਬਾਰੇ ਕਮਿਸ਼ਨ ਦੇ ਚੇਅਰਪਰਸਨ ਨੂੰ ਲਿਖਤੀ ਰਿਪੋਰਟ ਪੇਸ਼ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੋਰਟਲ 'ਤੇ ਬਾਕੀ ਰਹਿੰਦੀਆਂ 76 ਸ਼ਿਕਾਇਤਾਂ ਸੰਬੰਧੀ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਯਕੀਨੀ ਬਣਾਇਆ ਜਾਵੇ | ਮੀਟਿੰਗ 'ਚ ਐਸ. ਐਸ. ਪੀ. ਗੌਰਵ ਤੂਰਾ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਜ਼ਿਲ੍ਹਾ ਪੱਧਰ 'ਤੇ ਲੋਕਾਂ ਨੂੰ ਬਹੁਤ ਸਾਰੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੋਟਰਸਾਈਕਲ, ਸਕੂਟਰ ਜਾਂ ਕਿਸੇ ਹੋਰ ਵਸਤੂ ਦੀ ਚੋਰੀ ਸਬੰਧੀ ਰਿਪੋਰਟ ਸੰਬੰਧਿਤ ਥਾਣੇ 'ਚ ਜ਼ਰੂਰ ਦਰਜ ਕਰਵਾਈ ਜਾਵੇ ਤੇ ਜੇਕਰ ਕਿਸੇ ਵਪਾਰੀ ਨੂੰ ਕੋਈ ਧਮਕੀ ਪੱਤਰ ਜਾਂ ਧਮਕੀ ਭਰਿਆ ਫ਼ੋਨ ਆਵੇ ਜਾਂ ਕਿਸੇ ਤਰ੍ਹਾਂ ਦੀ ਲੁੱਟ ਖੋਹ ਦਾ ਕੋਈ ਮਾਮਲਾ ਹੋਵੇ ਤੇ ਇਨ੍ਹਾਂ ਮਾਮਲਿਆਂ ਸੰਬੰਧੀ ਤੁਰੰਤ ਲਿਖਤੀ ਸ਼ਿਕਾਇਤ ਦਰਜ ਕਰਵਾਈ ਜਾਵੇ | ਐਸ. ਐਸ. ਪੀ. ਨੇ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵਲੋਂ ਪਹਿਲਾਂ ਹੀ ਜ਼ਿਲ੍ਹਾ ਪੱਧਰ 'ਤੇ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਦਿੱਤੀਆਂ ਜਾ ਰਹੀ ਹਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੰਵਰ ਇਕਬਾਲ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ 'ਤੇ ਦਰਜ ਸ਼ਿਕਾਇਤਾਂ ਦਾ ਬਿਨ੍ਹਾਂ ਦੇਰੀ ਨਿਪਟਾਰਾ ਕਰਕੇ ਸ਼ਿਕਾਇਤਕਰਤਾਵਾਂ ਨੂੰ ਬਣਦਾ ਇਨਸਾਫ਼ ਦੇਣ | ਇਸ ਮੌਕੇ ਕਮਿਸ਼ਨ ਦੇ ਹਲਕਾ ਭੁਲੱਥ ਦੇ ਚੇਅਰਪਰਸਨ ਲਕਸ਼ ਚੌਧਰੀ, ਸੁਲਤਾਨਪੁਰ ਲੋਧੀ ਦੇ ਚੇਅਰਪਰਸਨ ਜਰਨੈਲ ਸਿੰਘ ਮਰਵਾਹਾ, ਫਗਵਾੜਾ ਤੋਂ ਕਮਿਸ਼ਨ ਦੇ ਚੇਅਰਪਰਸਨ ਸੁਸ਼ੀਲ ਕੁਮਾਰ ਬੌਬੀ ਚੰਮ ਤੇ ਕਪੂਰਥਲਾ ਤੋਂ ਕਮਿਸ਼ਨ ਦੇ ਚੇਅਰਪਰਸਨ ਰਮਨ ਮਲਹੋਤਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |