ਕਪੂਰਥਲਾ, 7 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ | ਇਹ ਗੱਲ ਅਕਾਸ਼ ਬਾਂਸਲ ਆਈ. ਏ. ਐਸ. ਨੇ ਕਪੂਰਥਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਅਹੁਦਾ ਸੰਭਾਲਣ ਮੌਕੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੇਂ-ਸਮੇਂ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਰਜਾਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕਰਵਾਇਆ ਜਾ ਸਕੇ | ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਮੁੱਖ ਮੰਤਰੀ ਸਿਹਤ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ, ਮੁਫ਼ਤ ਬਿਜਲੀ ਸਪਲਾਈ ਸਕੀਮ ਤੇ ਹੋਰ ਯੋਜਨਾਵਾਂ ਦੀ ਜ਼ਮੀਨੀ ਪੱਧਰ 'ਤੇ ਜਾਣਕਾਰੀ ਮੁਹੱਈਆ ਕਰਵਾ ਕੇ ਯੋਗ ਲਾਭਪਾਤਰੀਆਂ ਨੂੰ ਇਨ੍ਹਾਂ ਦਾ ਲਾਭ ਪਹੁੰਚਾਇਆ ਜਾਵੇਗਾ | ਉਨ੍ਹਾਂ ਜ਼ਿਲ੍ਹੇ ਵਿਚ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਤੁਰੰਤ ਕਰਨ | ਅਸ਼ੋਕ ਬਾਂਸਲ ਨੇ ਜ਼ਿਲ੍ਹੇ ਵਿਚ ਹੋਰ ਸੁਧਾਰ ਲਿਆਉਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਾਪਤ ਹੋਣ ਵਾਲੇ ਸੁਝਾਅ ਨੂੰ ਗੰਭੀਰਤਾ ਨਾਲ ਲੈ ਕੇ ਉਨ੍ਹਾਂ 'ਤੇ ਅਮਲ ਕੀਤਾ ਜਾਵੇਗਾ | 2019 ਬੈਚ ਦੇ ਆਈ. ਏ. ਐਸ. ਅਧਿਕਾਰੀ ਅਕਾਸ਼ ਬਾਂਸਲ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜਣ 'ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਪੇਸ਼ ਕੀਤਾ | ਇਸ ਮੌਕੇ ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਮੇਜਰ ਡਾ. ਇਰਵਿਨ ਕੌਰ ਐਸ. ਡੀ. ਐਮ. ਕਪੂਰਥਲਾ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਜੀ ਆਇਆ ਕਿਹਾ | ਵਰਨਣਯੋਗ ਹੈ ਕਿ ਅਕਾਸ਼ ਬਾਂਸਲ ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਵਿਚ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਜੋਂ ਤਾਇਨਾਤ ਸਨ |
ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੁਰੰਤ ਕਰਨ-ਅਕਾਸ਼ ਬਾਂਸਲ <br/>
ਅਜੀਤ ਡੈਸਕ
08-04-2026