ਕਪੂਰਥਲਾ, 7 ਅਪ੍ਰੈਲ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਇਕੋ ਇਕ ਅਜਿਹੀ ਪਾਰਟੀ ਹੈ, ਜਿਸ ਨੇ ਪੰਜਾਬ ਦੇ ਲੋਕਾਂ ਦੇ ਹਿਤਾਂ ਤੇ ਰਾਜ ਦੇ ਭਖਦੇ ਮਸਲਿਆਂ ਲਈ ਸੰਘਰਸ਼ ਕੀਤਾ ਹੈ | ਇਹ ਪ੍ਰਗਟਾਵਾ ਐਚ. ਐਸ. ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਨੇ ਇਕ ਬਿਆਨ 'ਚ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ | ਇਸ ਲਈ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਨੂੰ ਬਚਾਉਣ ਤੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਨੂੰ ਸੁਰੱਖਿਅਤ ਰੱਖਣ ਲਈ ਨਿਰੰਤਰ ਯਤਨਸ਼ੀਲ ਹੈ | ਐਚ. ਐਸ. ਵਾਲੀਆ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਤੇ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਭਾਵੇਂ ਉਹ ਕਿਸਾਨ, ਮਜ਼ਦੂਰ ਜਾਂ ਮੁਲਾਜ਼ਮ ਹੋਵੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ, ਕਿਉਂਕਿ 'ਆਪ' ਦੀ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਰਾਜ ਦੌਰਾਨ ਲੋਕਾਂ ਨੂੰ ਕੁੱਝ ਵੀ ਨਹੀਂ ਦਿੱਤਾ |