ਕਪੂਰਥਲਾ, 9 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਤੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਣ ਦੇ ਮੰਤਵ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਕਪੂਰਥਲਾ ਵਲੋਂ ਆਤਮਾ ਸੰਸਥਾ ਦੇ ਸਹਿਯੋਗ ਨਾਲ 11 ਅਪ੍ਰੈਲ ਨੂੰ ਪਿੰਡ ਫੱਤੂਢੀਂਗਾ 'ਚ ਜ਼ਿਲ੍ਹਾ ਪੱਧਰੀ ਵਿਸ਼ਾਲ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਇਸ ਸੰਬੰਧੀ ਡਾ. ਬਲਕਾਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਇਹ ਕੈਂਪ ਸਾਉਣੀ ਦੀ ਫ਼ਸਲ ਦੀ ਬਿਜਾਈ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਲਈ ਲਾਹੇਵੰਦਾ ਸਾਬਿਤ ਹੋਵੇਗਾ | ਉਨ੍ਹਾਂ ਕਿਹਾ ਕਿ ਕੈਂਪ ਵਿਚ ਸਾਉਣੀ ਦੀਆਂ ਫ਼ਸਲਾਂ ਦੀਆਂ ਉਨਤ ਕਿਸਮਾਂ, ਪਰਾਲੀ ਦੇ ਸੁਚਾਰੂ ਪ੍ਰਬੰਧ, ਖਾਦਾਂ ਤੇ ਕੀਟ ਨਾਸ਼ਕਾਂ ਦੀ ਸੰਯਮ ਨਾਲ ਵਰਤੋਂ ਤੇ ਮਿੱਟੀ ਦੀ ਸਾਂਭ ਸੰਭਾਲ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਤੇ ਹੋਰ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ |