ਕਪੂਰਥਲਾ, 9 ਅਪ੍ਰੈਲ (ਵਿ. ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ.ਜਗਜੀਤ ਸਿੰਘ ਸ਼ੰਮੀ ਨੇ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਹਾਲ ਹੀ ਵਿਚ ਹੋਈ ਬਾਰਿਸ਼ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਗਿਆ ਹੈ ਤੇ ਪਾਰਟੀ ਹਾਈਕਮਾਨ ਦੇ ਫ਼ੈਸਲੇ ਅਨੁਸਾਰ ਅਕਾਲੀ ਆਗੂ ਤੇ ਵਰਕਰ 20 ਅਪ੍ਰੈਲ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਕਣਕ, ਹਰੇ ਤੇ ਸੁੱਕੇ ਚਾਰੇ ਦੀ ਵੰਡ ਕਰਨਗੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿਛਲੇ ਅਗਸਤ ਮਹੀਨੇ 'ਚ ਆਏ ਹੜ੍ਹਾਂ ਦੌਰਾਨ ਵੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ ਗਈ ਸੀ |