ਕਪੂਰਥਲਾ, 13 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਖ਼ਾਲਸਾ ਪੰਥ ਦੀ ਸਥਾਪਨਾ ਤੇ ਇਤਿਹਾਸਕ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਕਿਹਾ ਕਿ ਇਹ ਦਿਨ ਸਿੱਖ ਕੌਮ ਲਈ ਬਹੁਤ ਹੀ ਮਹੱਤਵਪੂਰਨ ਦਿਨ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸੱਚਾਈ ਅਤੇ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਖ਼ਾਲਸਾ ਪੰਥ ਦੇ ਮੂਲ ਸਿਧਾਂਤਾ ਤੇ ਉਨ੍ਹਾਂ ਦੀ ਆਧੁਨਿਕ ਸਮੇਂ ਵਿਚ ਪ੍ਰਸੰਗਤਾ ਸੰਬੰਧੀ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ 'ਚ ਅਵਤਾਰ ਸਿੰਘ ਨੇ ਪਹਿਲਾ, ਸਰਪ੍ਰੀਤ ਕੌਰ ਤੇ ਬਲਵਿੰਦਰ ਸਿੰਘ ਨੇ ਦੂਜਾ, ਅਨਮੋਲ ਅਤੇ ਗੁਰਅੰਮਿ੍ਤ ਸਿੰਘ ਬਾਜਵਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਮੁਕਾਬਲੇ ਦੌਰਾਨ ਜੱਜਮੈਂਟ ਦੀ ਭੂਮਿਕਾ ਪ੍ਰੋ. ਜਸਪ੍ਰੀਤ ਕੌਰ ਤੇ ਪ੍ਰੋ. ਵਰਿੰਦਰ ਕੌਰ ਵਲੋਂ ਨਿਭਾਈ ਗਈ | ਕਾਲਜ ਦੀ ਪੰਜਾਬੀ ਸਾਹਿਤ ਸਭਾ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਮਾਗਮ ਦੀ ਸਫ਼ਲਤਾ ਲਈ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਦਾ ਧੰਨਵਾਦ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਖ਼ਾਲਸਾ ਸਾਜਨਾ ਦਿਵਸ ਬਾਰੇ ਜਾਣੂ ਕਰਵਾਇਆ ਤੇ ਖ਼ਾਲਸਾ ਪੰਥ ਦੇ ਉਦੇਸ਼ਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਲਈ ਸੰਕਲਪ ਲੈਣ ਪ੍ਰੇਰਿਤ ਕੀਤਾ | ਇਸ ਮੌਕੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |